ਆਤਿਸ਼ ਗੁਪਤਾ
ਚੰਡੀਗੜ੍ਹ, 17 ਅਪਰੈਲ
ਉੱਤਰੀ ਭਾਰਤ ਵਿੱਚ ਪੈ ਰਹੀ ਅਤਿ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਗਰਮੀ ਵਧਣ ਕਰ ਕੇ ਮਨੁੱਖ ਤੋਂ ਲੈ ਕੇ ਪਸ਼ੂ ਤੇ ਪੰਛੀ ਵੀ ਬੇਹਾਲ ਹੋ ਰਹੇ ਹਨ। ਉੱਧਰ, ਪਾਰਾ ਆਮ ਨਾਲੋਂ 4 ਡਿਗਰੀ ਸੈਲਸੀਅਸ ਵਧ ਗਿਆ ਹੈ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਸੁੰਨ ਪਸਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਵੀ ਚੰਡੀਗੜ੍ਹੀਆਂ ਨੂੰ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆਉਂਦੀ ਹੈ। ਇਸ ਹਫ਼ਤੇ ਤੇਜ਼ ਧੁੱਪ ਨਿਕਲੇਗੀ ਅਤੇ ਲੂ ਚੱਲਣ ਕਰ ਕੇ ਪਾਰਾ ਹੋਰ ਚੜ੍ਹ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਹੈ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 20.8 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਹੈ। ਉੱਧਰ, ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ ਵੀ 38.7 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਪੰਚਕੂਲਾ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ ਹੈ। ਸ਼ਹਿਰ ਵਿੱਚ ਗਰਮੀ ਕਰ ਕੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਵਧ ਰਹੇ ਤਾਪਮਾਨ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਵੀ ਚੌਕਸ ’ਚ ਹੋ ਗਿਆ ਹੈ, ਜਿਸ ਵੱਲੋਂ ਆਗਾਮੀ ਫ਼ੈਸਲੇ ਲੈਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਪਾਣੀ ਅਤੇ ਨਿੰਬੂ-ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮ ਚੀਜ਼ਾਂ ਦੀ ਥਾਂ ਲੱਸੀ, ਠੰਢੇ ਤਰਲ ਪਦਾਰਥਾਂ ਤੇ ਠੰਢੀਆਂ ਵਸਤੂਆਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
ਬਰਡ ਪਾਰਕ ਵਿੱਚ ਲਗਾਏ ਜਾਣਗੇ ਕੂਲਰ
ਸ਼ਹਿਰ ਵਿੱਚ ਲਗਾਤਾਰ ਵਧ ਰਹੀ ਗਰਮੀ ਕਰ ਕੇ ਯੂਟੀ ਪ੍ਰਸ਼ਾਸਨ ਬਰਡ ਪਾਰਕ ਵਿੱਚ ਪੰਛੀਆਂ ਦੀ ਦੇਖਭਾਲ ਲਈ ਵੀ ਫਿਕਰਮੰਦ ਹੈ, ਜਿਸ ਕਰ ਕੇ ਪ੍ਰਸ਼ਾਸਨ ਵੱਲੋਂ ਬਰਡ ਪਾਰਕ ਵਿੱਚ ਕੂਲਰ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜੰਗਲਾਤ ਵਿਭਾਗ ਦੇ ਅਧਿਕਾਰੀ ਦੇਬੇਂਦਰ ਦਲਾਈ ਨੇ ਦੱਸਿਆ ਕਿ ਇਸ ਹਫ਼ਤੇ ਬਰਡ ਪਾਰਕ ਵਿੱਚ ਕੂਲਰ ਲਗਾ ਦਿੱਤੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਗਰਮੀ ਕਰ ਕੇ ਪੰਛੀਆ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਪ੍ਰਸ਼ਾਸਨ ਪੰਛੀਆਂ ਦੀ ਦੇਖਭਾਲ ਲਈ ਅਜਿਹੇ ਕਦਮ ਉਠਾਉਣ ਜਾ ਰਿਹਾ ਹੈ।