ਟ੍ਰਾਈਸਿਟੀ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਨੇ ਅਚਾਨਕ ਆਪਣਾ ਮਿਜ਼ਾਜ ਬਦਲ ਲਿਆ ਹੈ, ਜਿਸ ਕਰਕੇ ਦਿਨ ਸਮੇਂ ਸ਼ਹਿਰ ਵਿੱਚ ਠੰਢੀਆਂ ਹਵਾਵਾਂ ਚੱਲੀਆਂ। ਚੰਡੀਗੜ੍ਹ ਤੇ ਪੰਚਕੂਲਾ ਵਿੱਚ ਕਈ ਥਾਵਾਂ ’ਤੇ ਭਾਰੀ ਅਤੇ ਮੁਹਾਲੀ ਵਿੱਚ ਹਲਕਾ ਮੀਂਹ ਪਿਆ ਹੈ। ਮੀਂਹ ਕਰਕੇ ਸ਼ਹਿਰ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਦਿਨ ਭਰ ਹੁੰਮਸ ਭਰੀ ਗਰਮੀ ਜਾਰੀ ਰਹੀ। ਮੌਮਸ ਵਿਭਾਗ ਨੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ 17, 18 ਤੇ 19 ਸਤੰਬਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਦੁਪਹਿਰ ਸਮੇਂ ਬੱਦਲਵਾਈ ਹੋਈ ਅਤੇ ਬਿਜਲੀ ਲਿਸ਼ਕੀ, ਇਸ ਤੋਂ ਬਾਅਦ ਇਕਦਮ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਭਾਰੀ ਮੀਂਹ ਪਿਆ ਹੈ, ਜਦੋਂ ਕਿ ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਨਜ਼ਦੀਕ ਹਲਕਾ ਮੀਂਹ ਪਿਆ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਹਲਕਾ ਮੀਂਹ ਪਿਆ ਹੈ। ਚੰਡੀਗੜ੍ਹ ਦੇ ਮੱਧ ਵਿੱਚ ਸਥਿਤ ਸੈਕਟਰਾਂ ਵਿੱਚ ਕਈ ਥਾਵਾਂ ’ਤੇ ਪਾਣੀ ਵੀ ਭਰ ਗਿਆ ਸੀ, ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ। ਮੀਂਹ ਪੈਣ ਕਰਕੇ ਲੋਕਾਂ ਨੇ ਅਤਿ ਦੀ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਹਿਸੂਸ ਕੀਤੀ, ਪਰ ਸ਼ਾਮ ਸਮੇਂ ਹੁੰਮਸ ਭਰੀ ਗਰਮੀ ਵੱਧ ਗਈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ 2.2 ਐੱਮਐੱਮ ਮੀਂਹ ਪਿਆ ਹੈ।
ਇਸੇ ਤਰ੍ਹਾਂ ਮੁਹਾਲੀ ਵਿੱਚ 0.5 ਐੱਮਐੱਮ ਅਤੇ ਪੰਚਕੂਲਾ ਵਿੱਚ 12.5 ਐੱਮਐੱਮ ਮੀਂਹ ਪਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 24.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ ਇਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤੇ ਹਨ।