ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਮਈ
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਨੂੰ ਨਗਰ ਨਿਗਮ ਅਧੀਨ ਲਿਆ ਕੇ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ ਜਿਸ ਨਾਲ ਇਹ ਇਤਿਹਾਸਕ ਥਾਂ ਵਿਸ਼ਵ ਪੱਧਰ ਉੱਤੇ ਉੱਭਰ ਕੇ ਸਾਹਮਣੇ ਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜੰਗੀ ਯਾਦਗਾਰ ਚੱਪੜਚਿੜੀ ਵਿੱਚ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕਰਨ ਮੌਕੇ ਕੀਤਾ।ੳਇਸ ਤੋਂ ਪਹਿਲਾਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਮੰਗ ਕੀਤੀ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਉੱਤੇ ਰੱਖਿਆ ਜਾਵੇ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।