ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨ ਸਬੰਧੀ ਮੈਸੇਜ ਭੇਜ ਕੇ ਚੂਨਾ ਲਗਾਉਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਦਾ ਸ਼ਿਕਾਰ ਸ਼ਹਿਰ ਦੇ ਦਰਜਨਾਂ ਲੋਕ ਹੋ ਚੁੱਕੇ ਹਨ। ਹੁਣ ਯੂਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਜਿਹੇ ਮੈਸੇਜ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਯੂਟੀ ਪ੍ਰਸ਼ਾਸਨ ਦੇ ਬੁਲਾਰੇ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਨਾਮ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਿਜਲੀ ਬਿੱਲ ਦਾ ਭੁਗਤਾਨ ਕਰਨ ਸਬੰਧੀ ਮੈਸੇਜ ਭੇਜਿਆ ਜਾ ਰਿਹਾ ਹੈ ਜਿਸ ਵਿੱਚ ਬਿੱਲ ਦੀ ਅਦਾਇਗੀ ਨਾ ਕਰਨ ’ਤੇ ਰਾਤ 9.30 ਵਜੇ ਬਿਜਲੀ ਦਾ ਕੁਨੈਕਸ਼ਨ ਕੱਟਣ ਦਾ ਦਾਅਵਾ ਕੀਤਾ ਗਿਆ ਹੈ। ਮੈਸੇਜ ’ਚ ਦਿੱਤੇ ਨੰਬਰ ’ਤੇ ਸੰਪਰਕ ਕਰਨ ’ਤੇ ਉਨ੍ਹਾਂ ਵੱਲੋਂ ਐਪ ਡਾਊਨਲੋਡ ਕਰ ਕੇ ਬਿਜਲੀ ਬਿੱਲ ਦਾ ਭੁਗਤਾਨ ਕਰਨ ਲਈ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਖਪਤਕਾਰ ਜਿਵੇਂ ਹੀ ਐਪ ਡਾਊਨਲੋਡ ਕਰਦਾ ਹੈ ਉਸ ਬੈਂਕ ਖਾਤੇ ਵਿੱਚ ਪਏ ਸਾਰੇ ਪੈਸੇ ਗਾਇਬ ਹੋ ਜਾਂਦੇ ਹਨ।
ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਸ਼ਹਿਰ ਦੇ ਦਰਜਨਾਂ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਹੈ। ਉਨ੍ਹਾਂ ਮਾਮਲਿਆਂ ਦੀ ਚੰਡੀਗੜ੍ਹ ਪੁਲੀਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ। ਉਨ੍ਹਾਂ ਸ਼ਹਿਰ ਦੇ ਖਪਤਕਾਰਾਂ ਨੂੰ ਕਿਹਾ ਕਿ ਯੂਟੀ ਦੇ ਬਿਜਲੀ ਵਿਭਾਗ ਵੱਲੋਂ ਅਜਿਹਾ ਕੋਈ ਮੈਸੇਜ ਨਹੀਂ ਭੇਜਿਆ ਜਾ ਰਿਹਾ ਹੈ ਅਤੇ ਉਹ ਆਨਲਾਈਨ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਈ-ਸੰਪਰਕ ਵੈੱਬਸਾਈਟ ਜਾਂ ਮੋਬਾਈਲ ਐਪ ਦੀ ਵਰਤੋਂ ਕਰ ਸਕਦੇ ਹਨ।