ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
ਐੱਸ ਡੀ ਐੱਮ ਚੰਦਰਕਾਂਤ ਕਟਾਰੀਆ ਨੇ ਸੈਕਟਰ 2 ਵਿੱਚ ਕਈ ਖਾਣ-ਪੀਣ ਦੀਆਂ ਵਸਤਾਂ ਦਾ ਨਿਰੀਖਣ ਕੀਤਾ। ਫੂਡ ਸੇਫਟੀ ਅਫ਼ਸਰ ਡਾ. ਆਜ਼ਾਦ ਨਾਲ ਉਨ੍ਹਾਂ ਨੇ ਪਨੀਰ ਦੇ ਨਮੂਨੇ ਲਏ। ਇਸ ਤੋਂ ਬਾਅਦ ਸ੍ਰੀ ਕਟਾਰੀਆ ਨੇ ਸੈਕਟਰ 11 ਵਿੱਚ ਮਠਿਆਈ ਦੀਆਂ ਦੁਕਾਨਾਂ ਦਾ ਦੌਰਾ ਕੀਤਾ ਅਤੇ ਸਫ਼ਾਈ ਦਾ ਨਿਰੀਖਣ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਸਫ਼ਾਈ ਰੱਖਣ ਲਈ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਐੱਸ ਡੀ ਐੱਮ ਨੇ ਸੈਕਟਰ 9 ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੁਕਾਨਾਂ ਵਿੱਚ ਸਫ਼ਾਈ ਚੈੱਕ ਕਰਨ ਲਈ ਰਸੋਈਆਂ ਦਾ ਨਿਰੀਖਣ ਵੀ ਕੀਤਾ। ਸ੍ਰੀ ਕਟਾਰੀਆ ਨੇ ਖਾਣ-ਪੀਣ ਦੀਆਂ ਵਸਤਾਂ ਦੀਆਂ ਮਿਆਦ ਪੁੱਗਣ ਦੀਆਂ ਤਰੀਕਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਦੁਕਾਨਾਂ ਦੇ ਮਾਲਕਾਂ ਨੂੰ ਸਫ਼ਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਦੀ ਘਾਟ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਕਰਦੀ ਹੈ, ਇਸ ਲਈ ਮਠਿਆਈਆਂ ਦੀਆਂ ਦੁਕਾਨਾਂ ਅਤੇ ਭੋਜਨ ਸਟੋਰਾਂ ਵਿੱਚ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਮਾਰਕੀਟ ਦੇ ਨਿਰੀਖਣ ਦੌਰਾਨ ਐੱਸ ਡੀ ਐੱਮ ਨੇ ਕਿਹਾ ਕਿ ਉਨ੍ਹਾਂ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਆਪਣੇ ਉਤਪਾਦਾਂ ਨੂੰ ਆਪਣੀਆਂ ਸਟਾਲਾਂ ਬਾਹਰ ਰੱਖ ਕੇ ਨਾਜਾਇਜ਼ ਕਬਜ਼ੇ ਕਰ ਰਹੇ ਹਨ, ਕਿਉਂਕਿ ਇਸ ਨਾਲ ਨਾ ਸਿਰਫ਼ ਜਨਤਾ ਨੂੰ ਅਸੁਵਿਧਾ ਹੁੰਦੀ ਹੈ ਬਲਕਿ ਟਰੈਫਿਕ ਜਾਮ ਵੀ ਹੁੰਦਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਪਹਿਲ ਦੇ ਆਧਾਰ ’ਤੇ ਹਟਾਉਣ। ਇਸ ਮੌਕੇ ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।