ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਏ, ਕੇਜਰੀਵਾਲ ਨਾਲ ਗੁਰਦਾਸਪੁਰ ਦੀ ਫੇਰੀ ਰੱਦ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਬੀਤੀ ਸ਼ਾਮ ਪੰਜਾਬ ਪਹੁੰਚੇ ਸਨ, ਨੇ ਅੱਜ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਜਰੀਵਾਲ ਨਾਲ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਸੀ। ਗੁਰਦਾਸਪੁਰ ਦੇ ਕਰੀਬ 324 ਪਿੰਡ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹਨ। ਮੁੱਖ ਮੰਤਰੀ ਮਾਨ ਨੇ ਗੁਰਦਾਸਪੁਰ ਦੀ ਆਪਣੀ ਤਜਵੀਜ਼ਤ ਫੇਰੀ ਰੱਦ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਮਾਨ ਦੀ ਥਾਂ ਹੁਣ ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਸੀਨੀਅਰ ਪਾਰਟੀ ਆਗੂ ਕੇਜਰੀਵਾਲ ਨਾਲ ਗੁੁਰਦਾਸਪੁਰ ਜਾਣਗੇ। ਮੁੱਖ ਮੰਤਰੀ ਮਾਨ ਨੂੰ ਕਥਿਤ ਤੌਰ ’ਤੇ ਤੇਜ਼ ਬੁਖਾਰ ਹੈ, ਜੋ ਕਿ ਵਾਇਰਲ ਇਨਫੈਕਸ਼ਨ ਕਾਰਨ ਹੈ। ਡਾਕਟਰ ਉਨ੍ਹਾਂ ਦੀ ਰਿਹਾਇਸ਼ ’ਤੇ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਇੱਕ ਅਧਿਕਾਰੀ ਨੇ ਕਿਹਾ ਕਿ ਉਹ ਸ਼ਾਮ ਤੱਕ ਠੀਕ ਹੋ ਜਾਣਗੇ ਅਤੇ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।