ਮੁੱਖ ਮੰਤਰੀ Bhagwant Mann ਹੋਏ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਨਤਮਸਤਕ
Chief Minister Bhagwant Mann pays obeisance at Gurdwara Sri Babhour Sahib; ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ; ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 11 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਜ਼ਿਲ੍ਹਾ ਰੂਪਨਗਰ ਵਿਖੇ ਨੰਗਲ ਲਾਗੇ ਸਥਿਤ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਇਕ ਸਰਕਾਰੀ ਬਿਆਨ ਵਿਚ ਦਿੱਤੀ ਗਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।
ਗੁਰਦੁਆਰਾ ਸ੍ਰੀ ਬਭੌਰ ਸਾਹਿਬ ਜਾਂ ਸ੍ਰੀ ਬਿਭੌਰ ਸਾਹਿਬ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਹੈ ਅਤੇ ਐਨ ਸਤਲੁਜ ਦੇ ਕੰਢੇ ਉਤੇ ਸਥਿਤ ਹੈ। ਗੁਰੂ ਸਾਹਿਬ ਕਈ ਮਹੀਨੇ ਇਥੇ ਰਹੇ ਸੀ ਅਤੇ ਉਨ੍ਹਾਂ ‘ਚੌਪਈ ਸਾਹਿਬ’ ਦੀ ਬਾਣੀ ਇਥੇ ਹੀ ਉਚਾਰੀ ਸੀ।
ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ, ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਬਿਆਨ ਮੁਤਾਬਕ ਉਨ੍ਹਾਂ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਨੂੰ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸ੍ਰੀ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।
Advertisement