ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸੇ ਕੜੀ ਵਿਚ ਮੁੱਖ ਮੰਤਰੀ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਕੇ ਸਥਿਤ ਰਾਹਤ ਕੈਂਪ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਰਾਹਤ ਕੈਂਪ ਵਿੱਚ ਸਰਹੱਦੀ ਪਿੰਡਾਂ ਦੇ ਲੋਕ ਰਹਿ ਰਹੇ ਹਨ ਜਿਨ੍ਹਾਂ ਨੂੰ ਹੜਾਂ ਕਰਕੇ ਆਪਣੇ ਘਰ ਛੱਡਣੇ ਪਏ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਜੇਸੀਪੀ ਹੁਸੈਨੀਵਾਲਾ ਦਾ ਵੀ ਦੌਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਨਾਲ ਨਾਲ ਹੜ੍ਹ ਪ੍ਰਬੰਧਨ ਬਾਰੇ ਵੀ ਨਿੱਜੀ ਤੌਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਮਾਨ ਵੱਲੋਂ ਅੱਜ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਵੱਲੋਂ ਮੀਟਿੰਗ ਵਿੱਚ ਸੂਬੇ ਭਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।