ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ, ਹਸਪਤਾਲ ’ਚ ਕੁਝ ਦਿਨ ਹੋਰ ਰਹਿਣਗੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਬੀਤੀ ਰਾਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।
ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ ਹੁਣ ਸੁਧਾਰ ਆਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਇਨਫੈਕਸ਼ਨ ਅਤੇ ਤੇਜ਼ ਬੁਖਾਰ ਹੋਣ ਕਾਰਨ ਸ੍ਰੀ ਮਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਥਕਾਵਟ ਅਤੇ ਦਿਲ ਦੀ ਧੜਕਣ ਬਾਰੇ ਵੀ ਸ਼ਿਕਾਇਤ ਕੀਤੀ ਸੀ।
ਉਨ੍ਹਾਂ ਦੀ ਖਰਾਬ ਸਿਹਤ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀਰਵਾਰ ਸ਼ਾਮ ਨੂੰ ਹੋਣ ਵਾਲੀ ਅਹਿਮ ਕੈਬਨਿਟ ਮੀਟਿੰਗ ਰੱਦ ਕਰਨੀ ਪਈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਮੁੱਖ ਮੰਤਰੀ ਭਗਵੰਤ ਦਾ ਹਾਲ ਜਾਣਨ ਲਈ ਪਹੁੰਚੇ। ਮੁੱਖ ਮੰਤਰੀ ਨੂੰ ਮਿਲਣ ਉਪਰੰਤ ਉਨ੍ਹਾਂ ਦੱਸਿਆ ਕਿ ਸ੍ਰੀ ਮਾਨ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਤ ਹਨ।
ਦੋਵੇਂ ਮੰਤਰੀਆਂ ਨੇ ਇਸ ਮੌਕੇ ਕੇਂਦਰ ਵੱਲੋਂ ਹੜ੍ਹਾਂ ਦਾ ਕਾਰਨ ਨਾਜਾਇਜ਼ ਮਾਇਨਿੰਗ ਦੱਸੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੱਸੇ ਕਿ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਵੀ ਮਾਈਨਿੰਗ ਕਾਰਨ ਹੀ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਆਸਤ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਹੋਏ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਅਤੇ ਅਤੇ ਹੜ੍ਹ ਪੀੜਤ ਲੋਕਾਂ ਲਈ ਕੇਂਦਰ ਸਰਕਾਰ ਨੂੰ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ। ਮੁੱਖ ਮੰਤਰੀ ਵੱਲੋਂ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ: ਮੰਤਰੀ ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ
ਇਸ ਤੋਂ ਪਹਿਲਾਂ ਪਾਰਟੀ ਦੀ ਲੀਡਰਸ਼ਿਪ ਨੇ ਪਾਰਟੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਕਾਰਵਾਈ ਦੇ ਨਾਲ ਮੁੱਖ ਮੰਤਰੀ ਦੀ ਖ਼ਰਾਬ ਸਿਹਤ ਨੂੰ ਜੋੜ ਕੇ ਲਗਾਈਆਂ ਜਾ ਰਹੀਆਂ ਸਾਰੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਪੁਲਿਸ ਹਿਰਾਸਤ ਤੋਂ 2 ਸਤੰਬਰ ਨੂੰ ਭੱਜੇ ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਉਹ ਮੁੱਖ ਮੰਤਰੀ ਮਾਨ ਦੀ ਪਤਨੀ ਦਾ ਰਿਸ਼ਤੇਦਾਰ ਸੀ।
ਵੀਰਵਾਰ ਨੂੰ ਮੁੱਖ ਮੰਤਰੀ ਨੇ ਸੱਤਾਧਾਰੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਸੁਲਤਾਨਪੁਰ ਲੋਧੀ ਜਾਣਾ ਸੀ। ਹਾਲਾਂਕਿ, ਖਰਾਬ ਸਿਹਤ ਕਾਰਨ ਉਹ ਕੇਜਰੀਵਾਲ ਦੇ ਨਾਲ ਨਹੀਂ ਜਾ ਸਕੇ ਅਤੇ ਬਾਅਦ ਵਿੱਚ ਕੇਜਰੀਵਾਲ ਨੇ ਉਨ੍ਹਾਂ ਦੀ ਖੈਰ-ਸੁੱਖ ਪੁੱਛੀ। ਇਸ ਤੋਂ ਬਾਅਦ ਕੇਜਰੀਵਾਲ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨਾਲ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ।