ਸੈਕਟਰ-26 ਮੰਡੀ ’ਚ ਗੰਦਗੀ ਤੋਂ ਮੁੱਖ ਸਕੱਤਰ ਨਾਰਾਜ਼
ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਸਬਜ਼ੀ ਮੰਡੀ ਵਿੱਚ ਮੌਨਸੂਨ ਕਰ ਕੇ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਯੂਟੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਅੱਜ ਸਬਜ਼ੀ ਮੰਡੀ ਵਿੱਚ ਸਫ਼ਾਈ ਪ੍ਰਬੰਧਾਂ ਤੇ ਹੋਰਨਾਂ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਵਰਮਾ ਨੇ ਸੈਕਟਰ-26 ਦੀ ਸਬਜ਼ੀ ਮੰਡੀ ਵਿੱਚ ਫੈਲੀ ਗੰਦਗੀ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮੰਡੀ ਵਿੱਚ ਸਫ਼ਾਈ ਕਰਨ ਵਾਲੇ ਠੇਕੇਦਾਰ ਨੂੰ ਮਸ਼ੀਨਰੀ ਅਤੇ ਕਾਮੇ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸਬਜ਼ੀ ਮੰਡੀ ਵਿੱਚੋਂ ਜਲਦ ਹੀ ਚਿੱਕੜ ਤੇ ਹੋਰ ਗੰਦਗੀ ਸਾਫ਼ ਕਰਨ ਦੇ ਹੁਕਮ ਦਿੱਤੇ। ਮੁੱਖ ਸਕੱਤਰ ਨੇ ਮੰਡੀ ਵਿੱਚ ਨਾਜਾਇਜ਼ ਰੇਹੜੀ ਲਗਾਉਣ ਵਾਲਿਆਂ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਜ਼ੀ ਮੰਡੀ ਵਿੱਚ ਨਾਜਾਇਜ਼ ਰੇਹੜੀਆਂ ਲਗਾਉਣ ਵਾਲੇ ਜਾਂ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਵਰਮਾ ਨੇ ਇੰਜਨੀਅਰਿੰਗ ਵਿਭਾਗ ਨੂੰ ਮੰਡੀ ਵਿੱਚ ਖਸਤਾ ਹਾਲ ਸੜਕਾਂ ਦੀ ਮੁਰੰਮਤ ਕਰਨ ਅਤੇ ਉੱਥੇ ਲਾਈਟਾਂ ਦੇ ਪ੍ਰਬੰਧ ਦੇ ਨਿਰਦੇਸ਼ ਵੀ ਦਿੱਤੇ ਹਨ। ਯੂਟੀ ਦੇ ਮੁੱਖ ਸਕੱਤਰ ਨੇ ਸਬਜ਼ੀ ਮੰਡੀ ਵਿੱਚ ਕੂੜਾ ਸੱਟਣ ਵਾਲਿਆਂ ਦੀ ਨਿਗਰਾਨੀ ਕਰਨ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਨਾਲ ਮੰਡੀ ਵਿੱਚ ਹਰ ਸਮੇਂ ਨਜ਼ਰ ਰੱਖੀ ਜਾਵੇ ਅਤੇ ਜਿਹੜਾ ਵਿਅਕਤੀ ਗੰਦਗੀ ਫੈਲਾਉਂਦਾ ਹੈ, ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸ੍ਰੀ ਵਰਮਾ ਨੇ ਸਬਜ਼ੀ ਮੰਡੀ ਵਿੱਚ ਆਵਾਜਾਈ ਸਮੱਸਿਆ ਬਾਰੇ ਵੀ ਵਿਚਾਰ-ਚਰਚਾ ਕੀਤੀ ਅਤੇ ਮੰਡੀ ਵਿੱਚ ਟਰੈਫਿਕ ਪੁਲੀਸ ਦੇ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਯੂਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਬਜ਼ੀ ਮੰਡੀ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਬਜ਼ੀ ਮੰਡੀ ਦੀ ਮਾੜੀ ਹਾਲਤ ਹੋਣ ’ਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।