ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਆਏ ਮੁੱਖ ਸਕੱਤਰ
ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਵਿਕਰੀ ਅਤੇ ਪਿੰਡਾਂ ਵਿੱਚ ਲਾਲ ਡੋਰੇ ਸਣੇ ਕਈ ਮਸਲਿਆਂ ਦੀ ਰਿਪੋਰਟ ਮੰਗੀ
Advertisement
ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਐੱਚ ਰਾਜੇਸ਼ ਪ੍ਰਸਾਦ ਲੰਘੇ ਦਿਨ ਅਹੁਦਾ ਸੰਭਾਲਦਿਆਂ ਹੀ ਅੱਜ ਐਕਸ਼ਨ ਮੋਡ ਵਿੱਚ ਆ ਗਏ ਹਨ ਜਿਨ੍ਹਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਸ੍ਰੀ ਪ੍ਰਸਾਦ ਵੱਲੋਂ ਅੱਜ ਚੰਡੀਗੜ੍ਹ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਹਾਸਲ ਕੀਤੀ ਗਈ ਅਤੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਅੱਜ ਤੋਂ ਲੈ ਕੇ ਅਗਲਾ ਪੂਰਾ ਹਫ਼ਤਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਦੇ ਕੰਮ-ਕਾਜ ਦੀ ਪੂਰੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਯੂ ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿੱਚ ਇੱਕ-ਇੱਕ ਕਰ ਕੇ ਸ਼ਹਿਰ ਦੇ ਪੰਜ ਮੁੱਖ ਮੁੱਦਿਆਂ ਨੂੰ ਉਭਾਰਿਆ ਸੀ। ਇਸ ਵਿੱਚ ਸ਼ੇਅਰ ਵਾਈਸ ਪ੍ਰਾਪਰਟੀਆਂ ਦੀ ਵਿਕਰੀ, ਪਿੰਡਾਂ ਵਿੱਚ ਲਾਲ ਡੋਰੇ ਦਾ ਵਾਧਾ ਕਰਨਾ, ਮੁੜ ਵਸੇਬਾ ਕਲੋਨੀਆਂ ਵਿੱਚ ਲੋਕਾਂ ਨੂੰ ਮਕਾਨਾਂ ਦੇ ਮਾਲਕਾਨਾ ਹੱਕ ਦੇਣਾ, ਮਕਾਨਾਂ ਵਿੱਚ ਲੋੜ ਅਨੁਸਾਰ ਬਦਲਾਅ ਅਤੇ ਗਰੁੱਪ ਹਾਊਸਿੰਗ ਸਕੀਮ ਦੇ ਮੁੱਦੇ ਚੁੱਕੇ ਗਏ ਸਨ। ਯੂ ਟੀ ਦੇ ਨਵੇਂ ਮੁੱਖ ਸਕੱਤਰ ਐੱਚ ਰਾਜੇਸ਼ ਪ੍ਰਸਾਦ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਨ੍ਹਾਂ ਮੁੱਦਿਆਂ ਦੀ ਪੂਰੀ ਜਾਣਕਾਰੀ ਮੰਗ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦੀ ਵਿਸਥਾਰਪੂਰਵਕ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿੱਚ ਚੰਡੀਗੜ੍ਹ ਨਾਲ ਸਬੰਧਤ ਚੁੱਕੇ ਗਏ ਵੱਖ-ਵੱਖ ਮੁੱਦਿਆਂ ਦੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀ ਮੰਗ ਲਈ ਗਈ ਸੀ।
Advertisement
Advertisement