ਸਿਟੀ ਬਿਊਟੀਫੁੱਲ: ਰਾਤਾਂ ਠੰਢੀਆਂ ਤੇ ਦਿਨ ਨਿੱਘੇ
ਪਹਾੜਾਂ ਵਿੱਚ ਬਰਫ਼ਵਾਰੀ ਕਾਰਨ ਮੈਦਾਨੀ ਖੇਤਰਾਂ ’ਚ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਲੰਘੀ ਰਾਤ ਸੀਜ਼ਨ ਦੀ ਸਭ ਤੋਂ ਵੱਧ ਠੰਢੀ ਰਾਤ ਰਹੀ। ਇਸ ਦੌਰਾਨ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਹੈ। ਜਦਕਿ ਦਿਨ ਵਿੱਚ ਧੁੱਪ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 0.8 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਰ ਕੇ ਸਵੇਰ ਤੇ ਰਾਤ ਸਮੇਂ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਰਫਬਾਰੀ ਕਰਕੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਦੇ ਉੱਪਰਲੇ ਇਲਾਕੇ ਵਿੱਚ ਅਗਲੇ ਹਫ਼ਤੇ ਹੋਰ ਬਰਫਬਾਰੀ ਹੋਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵੱਧ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 12.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
