ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹੋਈ ਭਾਰੀ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕੇ ’ਚ ਲੰਘੀ ਰਾਤ ਤੋਂ ਲਗਾਤਾਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਸ਼ਹਿਰ ਵਿੱਚ ਠੰਢ ਵਧਾ ਦਿੱਤੀ ਹੈ। ਇਸ ਕਾਰਨ ਆਮ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਹਨ। ਲੰਘੀ ਰਾਤ ਤੋਂ ਸ਼ਹਿਰ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਸ਼ਹਿਰ ਦਾ ਤਾਪਮਾਨ 8 ਡਿਗਰੀ ਸੈਲਸੀਅਸ ਡਿੱਗ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿੱਚ ਲੰਘੀ ਰਾਤ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ। ਜੋ ਕਿ 11.5 ਐੱਮਐੱਮ ਦਰਜ ਕੀਤਾ ਹੈ। ਉੱਧਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਉਹ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਹੈ। ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੀਂਹ ਕਰਕੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਸੰਨਾਟਾ ਪਸਰਿਆ ਰਿਹਾ। ਇਸ ਤੋਂ ਇਲਾਵਾ ਠੰਢ ਕਰਕੇ ਰੋਜ਼ਾਨਾ ਦਿਹਾੜੀ ਕਰਕੇ ਗੁਜ਼ਾਰਾ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਿਲਾ ਵੱਧ ਗਈਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਫਰਵਰੀ ਨੂੰ ਸ਼ਹਿਰ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸ਼ੀਤ ਹਵਾਵਾਂ ਜਾਂ ਹਨੇਰੀ ਚੱਲਣ ਕਰਕੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2022 ਤੋਂ ਹੁਣ ਤੱਕ ਪਏ ਮੀਂਹ ਨੇ ਸਾਰੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ। ਮੌਸਮ ਵਿਭਾਗ ਅਨੁਸਾਰ ਇਸ ਸੀਜ਼ਨ ਵਿੱਚ 310.7 ਐੱਮਐੱਮ ਮੀਂਹ ਦਰਜ ਕੀਤਾ ਹੈ।