ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਸ਼ੁਰੂ

ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਸ਼ੁਰੂ

ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਮੁਲਾਜ਼ਮ।

ਪੱਤਰ ਪ੍ਰੇਰਕ

ਚੰਡੀਗੜ੍ਹ, 24 ਸਤੰਬਰ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ 24 ਦਿਨ ਬੀਤਣ ’ਤੇ ਵੀ ਦੂਸਰੀ ਮੀਟਿੰਗ ਲਈ ਸਮਾਂ ਨਾ ਮਿਲਣ ਤੋਂ ਨਾਰਾਜ਼ ਮੁਲਾਜ਼ਮਾਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ।

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਅਤੇ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਆਂਸ਼ਿਕ ਤੌਰ ’ਤੇ ਵਾਪਸ ਲੈ ਲਈ ਗਈ ਸੀ ਪਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਟਾਲਾ ਵੱਟਿਆ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਵਰਗ ਵਿੱਚ ਸਰਕਾਰ ਵਿਰੁੱਧ ਸਖ਼ਤ ਰੋਸ ਹੈ। ਇਸ ਰੋਸ ਦੇ ਚਲਦਿਆਂ ਅੱਜ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਪਹਿਲੇ ਦਿਨ ਸੁਖਚੈਨ ਸਿੰਘ ਖਹਿਰਾ, ਦਰਜਾ-4 ਜਥੇਬੰਦੀ ਦੇ ਪ੍ਰਧਾਨ ਬਲਰਾਜ ਸਿੰਘ ਦਾਊਂ, ਪ੍ਰਾਹੁਣਚਾਰੀ ਵਿਭਾਗ ਤੋਂ ਮਹੇਸ਼ ਚੰਦਰ, ਬਜਰੰਗ ਯਾਦਵ ਜਨਰਲ ਸਕੱਤਰ, ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਜਸਵੀਰ ਸਿੰਘ, ਪੰਜਾਬ ਸਿਵਲ ਸੱਕਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਗੁਰਪ੍ਰੀਤ ਸਿੰਘ ਜਨਰਲ ਸਕੱਤਰ ਅਤੇ ਮਨਜੀਤ ਸਿੰਘ ਭੁੱਖ ਹੜਤਾਲ ’ਤੇ ਬੈਠੇ।

ਵਰਨਣਯੋਗ ਹੈ ਕਿ ਮੁਲਾਜ਼ਮ ਸੰਘਰਸ਼ਾਂ ਦੇ ਚਲਦਿਆਂ ਮੁੱਖ ਮੰਤਰੀ ਨੇ ਮੁਲਾਜ਼ਮ ਸੰਗਠਨਾਂ ਨੂੰ ਸੰਘਰਸ਼ ਦਾ ਰਾਹ ਛੱਡ ਕੇ ਗੱਲਬਾਤ ਲਈ ਅਪੀਲ ਕੀਤੀ ਸੀ ਜਿਸ ਉਪਰੰਤ 26 ਅਗਸਤ ਨੂੰ ਖਜ਼ਾਨਾ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਉਹ ਮੀਟਿੰਗ 31 ਅਗਸਤ ਨੂੰ ਹੋਈ ਸੀ। ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਕ ਹਫ਼ਤੇ ਬਾਅਦ ਦੂਸਰੀ ਮੀਟਿੰਗ ਦੀ ਗੱਲ ਕਹੀ ਸੀ। ਉਸ ਭਰੋਸੇ ਤੋਂ ਬਾਅਦ 25 ਦਿਨ ਬੀਤ ਜਾਣ ’ਤੇ ਵੀ ਮੁਲਾਜ਼ਮਾਂ ਨਾਲ ਮੀਟਿੰਗ ਨਹੀਂ ਹੋ ਸਕੀ। 

ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖਲ

ਮੁਹਾਲੀ (ਖੇਤਰੀ ਪ੍ਰਤੀਨਿਧ): ਪੰਜਾਬ, ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੱਜ ਦੀ ਹੜਤਾਲ ਵਿੱਚ ਗੁਰਮੇਲ ਸਿੰਘ ਮੌਜੋਵਾਲ, ਨਰਿਦੰਰ ਕੁਮਾਰ ਜਿੰਦਲ, ਹਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਮਰ ਸਿੰਘ ਧਾਲੀਵਾਲ, ਮਲਕੀਤ ਸਿੰਘ, ਰਵਿੰਦਰ ਕੌਰ ਗਿੱਲ, ਕਮਲਜੀਤ ਕੌਰ ਭਾਟੀਆ, ਗੁਰਬਖਸ਼ ਸਿੰਘ, ਕੁਲਦੀਪ ਸਿੰਘ ਭਾਟੀਆ ਅਤੇ ਅਮਰਜੀਤ ਕੌਰ ਭੁੱਖ ਹੜਤਾਲ ’ਤੇ ਬੈਠੇ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਡਾ. ਹਜ਼ਾਰਾ ਸਿੰਘ ਚੀਮਾ, ਜਗਦੀਸ਼ ਸਿੰਘ ਸਰਾਓਂ ਅਤੇ ਮਨਤੇਜ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ। ਇਸ ਮੌਕੇ ਧਰਨਾਕਾਰੀਆਂ ਨੇ ਖੇਤੀ ਬਿਲਾਂ ਦਾ ਵਿਰੋਧ ਕਰਦਿਆਂ ਕਿਸਾਨ ਸੰਘਰਸ਼ ਅਤੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All