ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 20 ਦਸੰਬਰ
ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 17 ਦੇ ਉਮੀਦਵਾਰ ਦਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਸੈਕਟਰ 22 ਦੀ ਮਾਰਕੀਟ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਮਾਰਕੀਟ ਦੇ ਦੁਕਾਨਦਾਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਮਨਪ੍ਰੀਤ ਸਿੰਘ ਬਾਦਲ ਨੂੰ ਨੋਟਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਝਾੜੂ ’ਤੇ ਮੋਹਰਾਂ ਲਗਾ ਕੇ ਆਮ ਆਦਮੀ ਪਾਰਟੀ ਦਾ ਕੌਂਸਲਰ ਬਣਾਉਣ ਦਾ ਭਰੋਸਾ ਦਿੱਤਾ। ਚੋਣ ਪ੍ਰਚਾਰ ਦੌਰਾਨ ਦਮਨਪ੍ਰੀਤ ਸਿੰਘ ਬਾਦਲ ਨਾਲ ਆਮ ਆਦਮੀ ਪਾਰਟੀ ਵਲੋਂ ਬਬਲੀ ਮਾਰਸ਼ਲ, ਜਯੋਤੀ ਨਾਗਪਾਲ, ਮੋਨਿਕਾ ਨਾਗਪਾਲ ਅਤੇ ਭਾਰੀ ਗਿਣਤੀ ਵਿੱਚ ਹੋਰ ਸਮਰਥਕ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਕਾਂਗਰਸ ਅਤੇ ਭਾਜਪਾ ਨੇ ਪੂਰੀ ਤਰ੍ਹਾਂ ਲੁੱਟਿਆ ਹੈ। ਇਸ ਭ੍ਰਿਸ਼ਟਾਚਾਰ ਦੀ ਬਦੌਲਤ ਅੱਜ ਸ਼ਹਿਰ ਪਹਿਲੇ ਨੰਬਰ ਤੋਂ ਪਛੜ ਕੇ 66ਵੇਂ ਨੰਬਰ ਤੇ ਆ ਗਿਆ ਹੈ। ਡੱਡੂ ਮਾਜਰਾ ਵਿੱਚ ਅੱਜ ਕੂੜੇ ਦਾ ਪਹਾੜ ਬਣ ਗਿਆ ਹੈ। ਦਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਹੁਣ ਤੱਕ ਕਾਂਗਰਸ ਅਤੇ ਭਾਜਪਾ ਨੂੰ ਪਰਖ ਕੇ ਦੇਖ ਲਿਆ ਹੈ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦੇਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ। ਚੰਡੀਗੜ੍ਹ ਵਿੱਚ ਵੀ ਦਿੱਲੀ ਦੀ ਤਰਜ਼ ‘ਤੇ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਚੰਡੀਗੜ੍ਹ (ਟਨਸ): ਇਸੇ ਦੌਰਾਨ ਵਾਰਡ ਨੰਬਰ-17 ਤੋਂ ਕਾਂਗਰਸੀ ਉਮੀਦਵਾਰ ਨਸੀਬ ਸਿੰਘ ਜਾਖੜ ਨੇ ਵੀ ਚੋਣ ਪ੍ਰਚਾਰ ਜ਼ੋਰਾਂ ’ਤੇ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਸੈਕਟਰ-22 ਅਤੇ 23 ਵਿੱਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ-17 ਦੇ ਪਾਰਕਾਂ ’ਚ ਸਫਾਈ ਦੀ ਹਾਲਤ ਮਾੜੀ ਹੋ ਚੁੱਕੀ ਹੈ। ਇਲਾਕੇ ਵਿੱਚ ਸੁਰੱਖਿਆ ਦੇ ਕੋਈ ਇੰਤਜਾਮ ਨਹੀਂ ਹੈ।
ਵਾਰਡ ਨੰਬਰ-17 ਤੋਂ ਅਕਾਲੀ ਉਮੀਦਵਾਰ ਭਾਜਪਾ ’ਚ ਸ਼ਾਮਲ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਿਆ ਜਦੋਂ ਵਾਰਡ ਨੰਬਰ-17 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਮੀਤ ਸਿੰਘ ਸੋਢੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਨਾਲ ਭਾਜਪਾ ਦੇ ਉਮੀਦਵਾਰ ਅਤੇ ਮੇਅਰ ਰਵੀਕਾਂਤ ਸ਼ਰਮਾ ਦੀ ਚੋਣ ਮੁਹਿੰਮ ਨੂੰ ਵੱਡਾ ਬਲ ਮਿਲਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੰਜੈ ਟੰਡਨ ਨੇ ਕੁਲਮੀਤ ਸਿੰਘ ਸੋਢੀ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਹੈ। ਦੱਸਣਯੋਗ ਹੈ ਕਿ ਵਾਰਡ ਨੰਬਰ-17 ਤੋਂ 8 ਜਣੇ ਚੋਣ ਮੈਦਾਨ ਵਿੱਚ ਸਾਹਮਣੇ ਆਏ ਸਨ ਜਿਨ੍ਹਾਂ ਵਿੱਚੋਂ 4 ਜਣਿਆਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ 4 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਸਨ। ਉਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਕੁਲਮੀਤ ਸਿੰਘ ਸੋਢੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਿੰਨ ਉਮੀਦਵਾਰ ਹੀ ਚੋਣ ਮੈਦਾਨ ਵਿੱਚ ਕਿਸਮਤ ਅਜ਼ਮਾ ਰਹੇ ਹਨ ਜਿਨ੍ਹਾਂ ਵਿੱਚ ਭਾਜਪਾ ਵੱਲੋਂ ਰਵੀਕਾਂਤ ਸ਼ਰਮਾ, ਕਾਂਗਰਸ ਵੱਲੋਂ ਨਸੀਬ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਦਮਨਪ੍ਰੀਤ ਸਿੰਘ ਸ਼ਾਮਲ ਹਨ।