ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼ਹਿਰ ਵਿੱਚ ਸਫਾਈ ਮੁਹਿੰਮ ਸ਼ੁਰੂ
ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਫਾਈ ਵਿਵਸਥਾ ’ਤੇ ਚੁੱਕੇ ਸਵਾਲ
ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਬੇਸ਼ੱਕ ਬੀਤੇ ਕੱਲ ਖਤਮ ਹੋ ਗਈ ਪ੍ਰੰਤੂ ਸ਼ਹਿਰ ਅੰਦਰ ਲੱਗੇ ਵੱਡੇ ਵੱਡੇ ਗੰਦਗੀ ਦੇ ਢੇਰ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਤੇ ਬੁਰਾ ਪ੍ਰਭਾਵ ਪਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨਾਂ ਦੇ ਨਜ਼ਦੀਕ ਲੱਗੇ ਗੰਦਗੀ ਦੇ ਢੇਰਾਂ ਤੇ ਗਲੀਆਂ ’ਚੋਂ ਸਫਾਈ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੈਨੇਜਰ ਸ. ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸ਼ਤਾਬਦੀਆਂ ਸਬੰਧੀ ਸਰਕਾਰ ਵੱਲੋਂ ਵੱਡੇ ਸਮਾਗਮ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰੰਤੂ ਸਰਕਾਰ ਤੇ ਪ੍ਰਸ਼ਾਸਨ ਦਾ ਇਸ ਪਵਿੱਤਰ ਨਗਰੀ ਦੀ ਸਫਾਈ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲ ਹੀ ਵਿਚ ਹੜ੍ਹਾਂ ਨਾਲ ਲੜ ਕੇ ਹਟੀ ਹੈ ਤੇ ਜਦੋਂ ਵੀ ਕਿਸੇ ਲੋਕ ਸੇਵਾ ਦੇ ਕਾਰਜ ਨੂੰ ਕਰਨ ਦੀ ਲੋੜ ਹੁੰਦੇ ਹੀ ਹੈ ਤਾਂ ਸ਼੍ਰੋਮਣੀ ਕਮੇਟੀ ਅੱਗੇ ਆ ਕੇ ਇਹ ਬੀੜਾ ਚੁੱਕਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਸ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨਾਂ ਦੇ ਆਸ ਪਾਸ ਸਫਾਈ ਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਸ੍ਰੀ ਕੰਗ ਨੇ ਕਿ ਉਹ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਆਪਣੇ ਘਰਾਂ ਦੇ ਕੂੜੇ ਨੂੰ ਗੁਰਦੁਆਰਾ ਸਾਹਿਬਾਨਾਂ ਦੇ ਨਜ਼ਦੀਕ ਗਲੀਆਂ ਵਿੱਚ ਨਾ ਸੁੱਟਣ। ਉਨ੍ਹਾਂ ਆਖਿਆ ਕਿ ਕੈਮਰੇ ਦੀ ਅੱਖ ਰਾਹੀਂ ਤੇ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਹੁਣ ਗੁਰੂ ਘਰਾਂ ਦੇ ਨਜ਼ਦੀਕ ਕੂੜਾ ਸੁੱਟਣ ਵਾਲੇ ਲੋਕਾਂ ਤੇ ਵੀ ਅੱਖ ਰੱਖੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਦੇ ਨਜ਼ਦੀਕ ਗਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਕੂੜੇ ਦੇ ਢੇਰ ਵੀ ਚੁੱਕੇ ਗਏ। ਇਸ ਮੌਕੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਐਡੀਸ਼ਨਲ ਮੈਨੇਜਰ ਸੰਦੀਪ ਸਿੰਘ ਕਲੋਤਾ, ਅਕਾਊਂਟੈਂਟ ਭੁਪਿੰਦਰ ਸਿੰਘ, ਜਗਨੰਦਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁਲਾਜ਼ਮ ਮੌਜੂਦ ਸਨ।