ਆਤਿਸ਼ ਗੁਪਤਾ
ਚੰਡੀਗੜ੍ਹ, 21 ਅਪਰੈਲ
ਟ੍ਰਾਈਸਿਟੀ ਵਿੱਚ ਅੱਜ ਸਵੇਰ ਤੋਂ ਹੀ ਬੱਦਲਵਾਈ ਛਾਈ ਰਹੀ। ਇਸ ਦੇ ਨਾਲ ਹੋਈ ਕਿਣਮਿਣ ਅਤੇ ਤੇਜ਼ ਹਵਾਵਾਂ ਕਰਕੇ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਸ਼ਹਿਰ ਵਾਸੀਆਂ ਨੇ ਥੋੜ੍ਹੀ ਰਾਹਤ ਮਹਿਸੂਸ ਕੀਤੀ ਹੈ।
ਮੌਸਮ ’ਚ ਤਬਦੀਲੀ ਆਉਣ ਕਾਰਨ ਸ਼ਹਿਰ ਦੇ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ, ਬਰਡ ਪਾਰਕ ਅਤੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਦਿਨ ਭਰ ਲੋਕਾਂ ਦੀ ਭੀੜ ਲੱਗੀ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਪਰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਵੀਰਵਾਰ ਨੂੰ ਸਵੇਰ ਸਮੇਂ ਤੋਂ ਹੀ ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਕਾਲੇ ਬੱਦਲ ਛਾਏ ਰਹੇ ਅਤੇ ਕਿਣ-ਮਿਣ ਹੁੰਦੀ ਰਹੀ। ਸ਼ਹਿਰ ਦੇ ਬਾਜ਼ਾਰਾਂ ਵਿੱਚ ਵੀ ਚਹਿਲ-ਪਹਿਲ ਰਹੀ ਅਤੇ ਦੁਕਾਨਦਾਰਾਂ ਦੇ ਚਿਹਰੇ ਵੀ ਖਿੜੇ ਹੋਏ ਸਨ। ਸਿਟੀ ਬਿਊਟੀਫੁੱਲ ਦਾ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 25.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਉਹ ਆਮ ਨਾਲੋਂ 6.8 ਡਿਗਰੀ ਸੈਲਸੀਅਸ ਘੱਟ ਸੀ ਅਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 22.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਚਕੂਲਾ ਦਾ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਸੀ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ ਸਾਲ 2004 ਅਤੇ 2010 ਵਿੱਚ ਵੀ ਗਰਮੀ ਨੇ ਪਿਛਲੇ 100 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਹਫ਼ਤੇ ਸ਼ਹਿਰ ਵਿੱਚ ਗਰਮੀ ਵਧ ਸਕਦੀ ਹੈ, ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।