ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ’ਤੇ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਦੀ ਨਿਖੇਧੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਅਤਿਸ਼ੀ ਨੇ ਅਜਿਹੀਆਂ ਟਿੱਪਣੀਆਂ ਕਦੇ ਕੀਤੀਆਂ ਹੀ ਨਹੀਂ।
ਭਾਜਪਾ ’ਤੇ ਹਮੇਸ਼ਾ ਪੰਜਾਬ ਵਿਰੋਧੀ ਅਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਮਾਨ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਕਿਹਾ, “ਅੱਜ ਇਸ (ਭਾਜਪਾ) ਦਾ ਪੰਜਾਬ ਵਿਰੋਧੀ ਅਤੇ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ... ਉਨ੍ਹਾਂ ਨੇ ਆਤਿਸ਼ੀ ਦੀ ਇੱਕ ਵੀਡੀਓ ਵਿੱਚ ਗੁਰੂ ਸਾਹਿਬ ਦਾ ਨਾਮ ਜੋੜ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਜਦਕਿ ਆਤਿਸ਼ੀ ਨੇ ਉਹ ਸ਼ਬਦ ਕਦੇ ਬੋਲੇ ਹੀ ਨਹੀਂ ਸਨ। ਭਾਜਪਾ ਨੂੰ ਇਸ ਸ਼ਰਮਨਾਕ ਕਾਰਵਾਈ ਲਈ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਨੇ ਹਮੇਸ਼ਾ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ, ਪਰ ਇਹ ਪੰਜਾਬ ਵਿੱਚ ਨਹੀਂ ਚੱਲੇਗੀ।”
ਬੁੱਧਵਾਰ ਨੂੰ ਸੱਤਾਧਾਰੀ ਭਾਜਪਾ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰਨ ਲਈ ਮਜਬੂਰ ਕੀਤਾ ਅਤੇ ਸਿੱਖ ਗੁਰੂ ਤੇਗ ਬਹਾਦਰ ਜੀ ਦਾ ‘ਅਪਮਾਨ’ ਕਰਨ ਲਈ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਆਤਿਸ਼ੀ ਨੇ ਭਾਜਪਾ 'ਤੇ ਨੌਵੇਂ ਸਿੱਖ ਗੁਰੂ ਦਾ ਨਾਮ ਲੈ ਕੇ ਘਟੀਆ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਆਗੂ ਰੇਖਾ ਗੁਪਤਾ ਨੇ ਦੋਸ਼ ਲਾਇਆ ਕਿ ਅਤਿਸ਼ੀ ਨੇ ਵਿਧਾਨ ਸਭਾ ਵਿੱਚ ਸਿੱਖ ਗੁਰੂ ਬਾਰੇ “ਸ਼ਰਮਨਾਕ ਅਤੇ ਗਲਤ” ਟਿੱਪਣੀ ਕੀਤੀ ਹੈ ਅਤੇ ਸਪੀਕਰ ਵਿਜੇਂਦਰ ਗੁਪਤਾ ਨੂੰ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਦੀ ਬੇਨਤੀ ਕੀਤੀ।
ਦੂਜੇ ਪਾਸੇ ਆਤਿਸ਼ੀ ਨੇ ਦਾਅਵਾ ਕੀਤਾ ਕਿ ਉਹ ਪ੍ਰਦੂਸ਼ਣ 'ਤੇ ਚਰਚਾ ਤੋਂ ਭੱਜਣ ਅਤੇ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਭਾਜਪਾ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੱਲ ਕਰ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਜਾਣਬੁੱਝ ਕੇ ਇੱਕ ਗਲਤ ਸਬ-ਟਾਈਟਲ ਜੋੜਿਆ ਅਤੇ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਨਾਮ ਪਾ ਦਿੱਤਾ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇੱਕ ਅਜਿਹੇ ਪਰਿਵਾਰ ਨਾਲ ਸਬੰਧ ਰੱਖਦੀ ਹੈ ਜਿਸ ਵਿੱਚ ਪੀੜ੍ਹੀਆਂ ਤੋਂ ਵੱਡਾ ਪੁੱਤਰ ਸਿੱਖ ਧਰਮ ਅਪਣਾਉਂਦਾ ਆ ਰਿਹਾ ਹੈ ਅਤੇ ਉਹ ਗੁਰੂ ਸਾਹਿਬ ਦੀ ਬੇਅਦਬੀ ਕਰਨ ਨਾਲੋਂ ਮਰਨਾ ਬਿਹਤਰ ਸਮਝੇਗੀ।

