ਕਰਨਲ ਬਾਠ ਮਾਮਲਾ: ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਇਹ ਜਾਂਚ ਸੀਬੀਆਈ ਹਵਾਲੇ ਕੀਤੀ ਹੈ ।
ਇਸ ਸਬੰਧੀ ਕਰਨਲ ਬਾਠ ਦੇ ਪਰਿਵਾਰ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਅਦਾਲਤ ਦੁਆਰਾ ਬਣਾਈ ਗਈ ਐੱਸਆਈਟੀ ਕੰਮ ਨਹੀਂ ਕਰ ਰਹੀ ਹੈ। ਬੀਤੇ ਦਿਨ ਕਰਨਲ ਬਾਠ ਦੀ ਪਤਨੀ ਨੇ ਇੱਕ ਇੰਟਰਵਿਊ ਦੌਰਾਨ ਇਤਰਾਜ਼ ਜਤਾਇਆ ਸੀ ਕਿ ਚੰਡੀਗੜ੍ਹ ਪੁਲੀਸ ਵੱਲੋਂ ਇਸ ਮਾਮਲੇ ਵਿਚ ਹੁਣ ਤੱਕ ਇੱਕ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਕਰਨ ਬਾਠ ਦੇ ਪਰਿਵਾਰ ਵੱਲੋਂ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਾਹੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਐੱਸਆਈਟੀ ਨੂੰ ਬਦਲ ਦਿੱਤਾ ਜਾਵੇ।
ਕਰਨਲ ਬਾਠ ਨੇ ਪਹਿਲਾਂ ਪਾਈ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ’ਤੇ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ‘ਬੇਰਹਿਮੀ ਨਾਲ’ ਹਮਲਾ ਕੀਤਾ ਗਿਆ ਸੀ। ਉਨ੍ਹਾਂ ਇੰਸਪੈਕਟਰ-ਰੈਂਕ ਦੇ ਪੰਜਾਬ ਪੁਲੀਸ ਦੇ ਚਾਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮੁਲਾਜ਼ਮਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਉਨ੍ਹਾਂ ਉੱਤੇ ਹਮਲਾ ਕਰਨ, ਉਨ੍ਹਾਂ ਦਾ ਅਧਿਕਾਰਤ ਆਈਡੀ ਕਾਰਡ ਅਤੇ ਮੋਬਾਈਲ ਫੋਨ ਖੋਹਣ ਅਤੇ ਝੂਠੇ ਮੁਕਾਬਲਿਆਂ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ।