ਹਵਾਈ ਅੱਡੇ ਨੇੜੇ ਸਫ਼ਾਈ ਲਈ ਕਮੇਟੀ ਕਾਇਮ
ਇੱਥੋਂ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਦੇ ਆਲੇ-ਦੁਆਲੇ ਡੰਪਿੰਗ ਥਾਵਾਂ ’ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਅੱਜ ਏਅਰਪੋਰਟ ਐਡਵਾਈਜ਼ਰੀ ਕਮੇਟੀ ਵੱਲੋਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਨਗਰ ਨਿਗਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਯੂਟੀ ਗੈਸਟ ਹਾਊਸ ਵਿੱਚ ਰੱਖੀ ਗਈ। ਇਸ ਦੌਰਾਨ ਭਾਰਤੀ ਹਵਾਈ ਸੈਨਾ, ਏਅਰਪੋਰਟ ਦੇ ਅਧਿਕਾਰੀ ਸਣੇ ਤਿੰਨਾਂ ਹਲਕਿਆਂ ਦੇ ਸੰਸਦ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਹਵਾਈ ਅੱਡੇ ਦੇ ਆਲੇ-ਦੁਆਲੇ ਪੰਛੀਆਂ ਦੀ ਅਸਾਧਾਰਨ ਗਤੀਵਿਧੀ ਕਰ ਕੇ ਉਡਾਣ ਦੀ ਸੁਰੱਖਿਆ ਲਈ ਪੈਦਾ ਹੋਣ ਵਾਲੇ ਖ਼ਤਰੇ ਬਾਰੇ ਚਰਚਾ ਕੀਤੀ। ਇਸ ਦੌਰਾਨ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾਈ ਗਈ ਜੋ ਹਵਾਈ ਅੱਡੇ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਇਲਾਕੇ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖੇਗੀ।
ਇਸ ਮੀਟਿੰਗ ਵਿੱਚ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਸ਼ਾਮਲ ਹੋਏ। ਮਨੀਸ਼ ਤਿਵਾੜੀ ਨੇ ਕਿਹਾ ਕਿ ਏਅਰਪੋਰਟ ਦੇ ਆਲੇ-ਦੁਆਲੇ ਪੰਛੀਆਂ ਦੀ ਗਤੀਵਿਧੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਕ ਮਹੀਨੇ ਬਾਅਦ ਮੁੜ ਤੋਂ ਮੀਟਿੰਗ ਕੀਤੀ ਜਾਵੇ ਅਤੇ ਸਫ਼ਾਈ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਜਾਵੇ। ਏਅਰਪੋਰਟ ਅਥਾਰਟੀ ਦੇ ਸੀ ਈ ਓ ਅਜੈ ਵਰਮਾ ਨੇ ਕਿਹਾ ਕਿ 10 ਕਿਲੋਮੀਟਰ ਤੱਕ ਦੇ ਇਲਾਕੇ ਵਿੱਚ ਸਫ਼ਾਈ ਅਤੇ ਵੈਸਟ ਮੈਨੇਜਮੈਂਟ ’ਤੇ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਸ਼ਹਿਰੀ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਆਰ ਐੱਮ ਸੀ ਪੁਆਇੰਟ ਹਨ ਜਿਸ ਕਾਰਨ ਪੰਛੀਆਂ ਦੀ ਗਿਣਤੀ ਵਧ ਰਹੀ ਹੈ। ਜੇ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਕਿਸੇ ਵੱਡੀ ਦੁਰਘਟਨਾ ਦਾ ਖ਼ਤਰਾ ਬਣ ਸਕਦਾ ਹੈ।
