ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 30 ਜੁਲਾਈ
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨ ਦੇ ਮਾਮਲੇ ਵਿੱਚ ਵਿਵਾਦਤ ਬਿਆਨ ਦੇਣ ਬਾਅਦ ਚਰਚਾ ’ਚ ਆਈ ਡੇਰੇ ਦੀ ਮਹਿਲਾ ਪੈਰੋਕਾਰ ਵੀਰਪਾਲ ਕੌਰ ਵੱਲੋਂ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਦੀ ਤੁਲਨਾ ਕਥਿਤ ਤੌਰ ’ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵੀਰਪਾਲ ਕੌਰ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਵਾਲੇ ਪਾਰਟੀ ਆਗੂਆਂ ਦੇ ਵਫ਼ਦ ਨੇ ਅੱਜ ਸੋਹਾਣਾ ਥਾਣੇ ’ਚ ਐੱਸਐੱਚਓ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੂੰ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਵੀਰਪਾਲ ਕੌਰ ਨੇ ਡੇਰਾ ਸਿਰਸਾ ਦੇ ਮੁਖੀ ਦੀ ਤੁਲਨਾ ਗੁਰੂ ਨਾਨਕ ਦੇਵ ਅਤੇ ਗੁਰੂ ਗੋਬਿੰਦ ਸਿੰਘ ਨਾਲ ਕੀਤੀ ਹੈ, ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਵੀਰਪਾਲ ਕੌਰ ਖ਼ਿਲਾਫ਼ ਸਿੱਖ ਗੁਰੂਆਂ ਦਾ ਅਪਮਾਨ ਕਰਨ ਅਤੇ ਸਿੱਖ ਕੌਮ ਅਤੇ ਸਮੂਹ ਨਾਨਕ ਨਾਮ ਲੇਵਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਉਧਰ, ਥਾਣਾ ਮੁਖੀ ਦਲਜੀਤ ਸਿੰਘ ਗਿੱਲ ਨੇ ਅਕਾਲੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਕਰ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਮੋਰਿੰਡਾ (ਪੱਤਰ ਪ੍ਰੇਰਕ): ਇੱਥੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਅਕਾਲੀ ਦਲ (ਬਾਦਲ) ਹਰਮੋਹਣ ਸਿੰਘ ਸੰਧੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਹੇਠ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਹੁਤ ਵੱਡੀ ਸੱਟ ਮਾਰਨ ਕਰ ਕੇ ਵੀਰਪਾਲ ਕੌਰ ਪਤਨੀ ਇੰਸਪੈਕਟਰ ਜਗਤਾਰ ਸਿੰਘ ਵਾਸੀ ਬਠਿੰਡਾ ਖ਼ਿਲਾਫ਼ ਥਾਣਾ ਮੋਰਿੰਡਾ ਵਿੱਚ ਸ਼ਿਕਾਇਤ ਦਰਜ ਕਰਾਈ ਹੈ। ਇਸ ਸਬੰਧੀ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਦੱਸਿਆ ਕਿ ਵੀਰਪਾਲ ਕੌਰ ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਜੋ ਜਬਰ-ਜਨਾਹ ਦੀ ਸਜ਼ਾ ਭੁਗਤ ਰਿਹਾ ਹੈ, ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰ ਕੇ ਬਹੁਤ ਵੱਡੀ ਗਲਤੀ ਕੀਤੀ ਹੈ।
ਰੂਪਨਗਰ (ਪੱਤਰ ਪ੍ਰੇਰਕ): ਵੀਰਪਾਲ ਕੌਰ ਇੰਸਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੰਗੇ ਗਏ ਮੁਆਫੀਨਾਮੇ ਵਿਚ ਕਥਿਤ ਤੌਰ ’ਤੇ ਬਾਬਾ ਗੁਰਮੀਤ ਰਾਮ ਰਹੀਮ ਦੀ ਤੁਲਨਾ ਸਿੱਖ ਗੁਰੂ ਸਾਹਿਬਾਨ ਨਾਲ ਕਰਨ ਖ਼ਿਲਾਫ਼ ਸਥਾਨਕ ਅਕਾਲੀ ਆਗੂਆਂ ਨੇ ਅੱਜ ਸਥਾਨਕ ਉਪ-ਪੁਲੀਸ ਕਪਤਾਨ ਨੂੰ ਸ਼ਿਕਾਇਤ ਦੇ ਕੇ ਵੀਰਪਾਲ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।