ਕੰਪਿਊਟਰ ਅਪਰੇਟਰ ਸੰਘਰਸ਼ ਦੇ ਰੌਂਅ ’ਚ
ਫ਼ਰਦ ਕੇਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਨੇ ਮੰਗਾਂ ਮਨਵਾਉਣ ਲਈ ਸੰਘਰਸ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਰੂਪ ਨਗਰ ਅਤੇ ਐੱਸ ਏ ਐੱਸ ਨਗਰ ਮੁਹਾਲੀ ਸਣੇ ਹੋਰ ਜ਼ਿਲ੍ਹਿਆਂ ਦੇ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ 2 ਤੋਂ 4 ਦਸੰਬਰ ਤੱਕ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਡਾਟਾ ਐਟਰੀ ਅਪਰੇਟਰ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾ ਰਹੇ ਹਨ, ਜਿਸ ਸਦਕਾ ਜਿੱਥੇ ਪਟਵਾਰ ਮਾਲ ਰਿਕਾਰਡ ਪ੍ਰਣਾਲੀ ਵਿੱਚ ਸੁਧਾਰ ਆਇਆ ਉੱਥੇ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋਇਆ ਹੈ ਪਰ ਕਰਮਚਾਰੀਆਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਕੰਪਨੀ ਅਧੀਨ ਨਿਗੂਣੀ ਤਨਖਾਹ ’ਤੇ ਕੰਮ ਕਰ ਰਹੇ ਹਨ ਅਤੇ ਪੂਰੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਤਨਖਾਹ ਵਿੱਚ 50 ਫੀਸਦੀ ਵਾਧਾ ਕੀਤਾ ਜਾਵੇ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕਰਕੇ ਵਿਭਾਗ ਅਧੀਨ ਲਿਆਂਦਾ ਜਾਵੇ।
