ਸ਼ਸ਼ੀਪਾਲ ਜੈਨ
ਖਰੜ, 12 ਅਕਤੂਬਰ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ਉਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਯੂਨੀਅਨ ਆਗੂਆਂ ਰਵਿੰਦਰ ਸਿੰਘ ਮੰਡੇਰ ਅਤੇ ਅਮਰਦੀਪ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ਼ ਉਨ੍ਹਾਂ ’ਤੇ ਲਾਗੂ ਨਹੀਂ ਕੀਤੇ ਜਾ ਰਹੇ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਇੰਟਰਮ ਰਿਲੀਫ, ਏ.ਸੀ.ਪੀ, ਲੀਵ ਇਨਕੈਸਮੈਂਟ, ਮੈਡੀਕਲ ਛੁੱਟੀਆਂ, ਸੀਪੀਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇੱਥੇ ਇਹ ਵੀ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਰਿਵਾਰ ਰੁਲਣ ਲਈ ਮਜਬੂਰ ਹੋ ਰਹੇ ਹਨ। ਇਨ੍ਹਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਅਧਾਰ ’ਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ 3 ਅਗਸਤ ਨੂੰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਪ੍ਰੰਤੂ ਵਿਸ਼ਵਾਸ ਦਿਵਾਉਣ ਤੋਂ ਬਾਅਦ ਵੀ ਸਰਕਾਰ ਮੰਗਾਂ ਮੰਨਣ ਤੋਂ ਮੁੱਕਰ ਰਹੀ ਹੈ। ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਰਵੀਇੰਦਰ ਸਿੰਘ ਮੰਡੇਰ, ਹਰਜੀਤ ਸਿੰਘ ਸੰਧੂ, ਅਨਿਲ, ਅਰੁਨਦੀਪ ਸਿੰਘ ਆਦਿ ਹਾਜ਼ਰ ਸਨ। ਇਸੇ ਦੌਰਾਨ ਸਾਢੇ ਚਾਰ ਵਜੇ ਦੇ ਕਰੀਬ ਉਨ੍ਹਾਂ ਵਲੋਂ ਇਹ ਧਰਨਾ ਖਤਮ ਕਰ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਮੀਟਿੰਗ 18 ਅਕਤੂਬਰ ਨੂੰ ਕਰਵਾਈ ਜਾਵੇਗੀ।