ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਦਿਨੀਂ ਵੱਖ-ਵੱਖ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਲਗਾਏ ਗਏ ਹਨ ਪ੍ਰੰਤੂ ਜਨਰਲ ਕੈਟਾਗਰੀ ਕਮਿਸ਼ਨ ਨੂੰ ਚਾਲੂ ਨਾ ਕਰਨਾ ਜਨਰਲ ਵਰਗ ਨਾਲ ਧੱਕਾ ਹੈ। ਮੀਟਿੰਗ ਦੌਰਾਨ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਪ੍ਰੈੱਸ ਸਕੱਤਰ ਜਸਵੀਰ ਸਿੰਘ ਗੜਾਂਗ, ਚੀਫ਼ ਆਰਗੇਨਾਈਜ਼ਰ ਸੁਰਿੰਦਰ ਕੁਮਾਰ ਸੈਣੀ, ਵਿੱਤ ਸਕੱਤਰ ਕਪਲਦੇਵ ਪਰਾਸ਼ਰ, ਅਮਨਪ੍ਰੀਤ ਸਿੰਘ, ਪਰਦੀਪ ਸਿੰਘ, ਸੁਦੇਸ਼ ਕਮਲ ਸ਼ਰਮਾ, ਦਿਲਬਾਗ ਸਿੰਘ, ਹਰਪਿੰਦਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਜਨਰਲ ਵਰਗ ਨੂੰ ਇਕ ਸਾਜ਼ਿਸ਼ ਤਹਿਤ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਜਨਰਲ ਵਰਗ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦਾ ਸਖ਼ਤ ਵਿਰੋਧ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਤੁਰੰਤ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਜਨਰਲ ਵਰਗ ਨਾਲ ਸਬੰਧਤ ਵਿਅਕਤੀ ਨੂੰ ਇਨਸਾਫ਼ ਮਿਲ ਸਕੇ।