ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿੱਚ ਟਕਰਾਅ ਮੰਦਭਾਗਾ: ਚੰਦੂਮਾਜਰਾ
ਸ਼ਹੀਦੀ ਦਿਹਾੜੇ ਦੇ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਟਕਰਾਅ ਮੰਦਭਾਗਾ ਹੈ ਤੇ ਦੋਵੇਂ ਧਿਰਾਂ ਨੂੰ ਗੁਰੂਆਂ ਦੀ ਪਰੰਪਰਾ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਆਪਸੀ ਸਹਿਯੋਗ ਨਾਲ ਇਹ ਸਮਾਗਮ ਮਨਾਉਣੇ ਚਾਹੀਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੀ ਹੈ, ਜੋ ਠੀਕ ਨਹੀਂ। ਦੂਜੇ ਪਾਸੇ, ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਸਮਾਗਮਾਂ ‘ਚ ਸਾਰੀਆਂ ਧਿਰਾਂ ਨੂੰ ਨਾਲ ਜੋੜਨਾ ਚਾਹੀਦਾ ਹੈ, ਨਾ ਕਿ ਇੱਕ ਧਿਰ ਦੀ ਕਮੇਟੀ ਵਜੋਂ ਕੰਮ ਕਰਨਾ ਚਾਹੀਦਾ। ਉਹਨਾਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਵਰਗੇ ਇਤਿਹਾਸਕ ਮੌਕਿਆਂ ’ਤੇ ਪੰਥਕ ਏਕਤਾ ਸਭ ਤੋਂ ਵੱਡੀ ਲੋੜ ਹੁੰਦੀ ਹੈ। ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨਣ ਦੀ ਆਪਣੀ ਮੰਗ ਨੂੰ ਦੁਹਰਾਉਂਦਿਆਂ ਚੰਦੂਮਾਜਰਾ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮਨਜਿੰਦਰ ਸਿੰਘ ਬਰਾੜ ਅਤੇ ਵਰਿੰਦਰ ਸਿੰਘ ਮੌਜੂਦ ਸਨ।
