ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਕਤੂਬਰ
ਕਾਂਗਰਸ ਨੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਅੱਜ ਇੱਥੇ ਸੈਕਟਰ 35 ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਜਪਾ ’ਤੇ ਤਾਨਾਸ਼ਾਹੀ ਨਾਲ ਸਰਕਾਰ ਚਲਾਉਣ ਦਾ ਦੋਸ਼ ਲਗਾਉਂਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪੁਤਲੇ ਫੂਕੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ 10 ਮਹੀਨਿਆਂ ਤੋਂ ਕਿਸਾਨਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਲੋਕਤੰਤਰ ’ਚ ਡੰਡੇ ਦੇ ਜ਼ੋਰ ’ਤੇ ਕਿਸੇ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਮੋਦੀ ਨੇ ਦੋ ਦਿਨ ਬੀਤੇ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਨਹੀਂ ਕੀਤੀ।
ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਕਿ ਇਸ ਘਟਨਾ ਸਬੰਧੀ ਸਾਹਮਣੇ ਆਈ ਵੀਡੀਓ ਨੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਨੇ ਅੱਜ ਇੱਥੇ ਬੱਸ ਅੱਡਾ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਮੋਦੀ ਤੇ ਯੋਗੀ ਸਰਕਾਰ ਵਾਲੇ ਭਾਜਪਾ ਦੇ ਸ਼ਾਸਨ ਕਾਲ ਨੂੰ ‘ਕਾਲਾ ਯੁੱਗ’ ਕਰਾਰ ਦਿੱਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ ਗਿਆ। ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਇਹ ਕਾਂਡ ਭਾਜਪਾ ਦੀ ਸੋਚੀ-ਸਮਝੀ ਸਾਜ਼ਿਸ਼ ਤਹਿਤ ਵਾਪਰਿਆ ਹੈ। ਇਸ ਘਟਨਾ ਨਾਲ ਕਿਸਾਨਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿਸਾਨ ਅੰਦੋਲਨ ਪਿਛਲੇ ਇਕ ਸਾਲ ਤੋਂ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਜਿਸ ਦਾ ਕੇਂਦਰ ਸਰਕਾਰ ’ਤੇ ਵੱਡੇ ਪੱਧਰ ਉਤੇ ਦਬਾਅ ਬਣਿਆ ਹੋਇਆ ਹੈ। ਇਹੀ ਕਾਰਨ ਹੈ ਕਿ ਭਾਜਪਾ ਅੰਦੋਲਨ ਨੂੰ ਹਰ ਹੀਲੇ ਦਬਾਉਣ ਦੀ ਕੋਸਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਧਾਰਾ 302 ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੇ ਰੂਪਨਗਰ ਵਿੱਚ ਮੋਮਬੱਤੀ ਮਾਰਚ ਕੱਢਿਆ
ਰੂਪਨਗਰ (ਬਹਾਦਰਜੀਤ ਸਿੰਘ): ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇੱਥੇ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿੱਚ ਇਹ ਮਾਰਚ ਗੁਰਦੁਆਰਾ ਸਿੰਘ ਸਭਾ ਤੋਂ ਚਲ ਕੇ ਬੇਲਾ ਚੌਕ ਪਹੁੰਚਿਆ।