ਕਾਂਗਰਸ ਅਤੇ ‘ਆਪ’ ਨੇ ਬਿਜਲੀ ਦਰਾਂ ’ਚ ਵਾਧੇ ਦਾ ਵਿਰੋਧ ਕੀਤਾ
ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇ ਈ ਆਰ ਸੀ) ਵੱਲੋਂ ਚੰਡੀਗੜ੍ਹ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਦਿੱਤੀ ਪ੍ਰਵਾਨਗੀ ਦਾ ਚੰਡੀਗੜ੍ਹ ਦੀ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧ ਕੀਤਾ ਹੈ। ਦੋਵਾਂ ਪਾਰਟੀਆਂ ਨੇ ਬਿਜਲੀ ਦਰਾਂ ਵਿੱਚ ਵਾਧੇ...
ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇ ਈ ਆਰ ਸੀ) ਵੱਲੋਂ ਚੰਡੀਗੜ੍ਹ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਦਿੱਤੀ ਪ੍ਰਵਾਨਗੀ ਦਾ ਚੰਡੀਗੜ੍ਹ ਦੀ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧ ਕੀਤਾ ਹੈ। ਦੋਵਾਂ ਪਾਰਟੀਆਂ ਨੇ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੋਕਾਂ ਲੁੱਟ ਕਰਾਰ ਦਿੱਤਾ ਹੈ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਈ ਆਰ ਸੀ ਨੇ ਇਹ ਵਾਧਾ ਚੰਡੀਗੜ੍ਹ ਵਿੱਚ ਬਿਜਲੀ ਸਪਲਾਈ ਕਰਨ ਵਾਲੀ ਕੰਪਨੀ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ ਪੀ ਡੀ ਐੱਲ) ਦੀ ਮੰਗ ’ਤੇ ਕੀਤਾ ਹੈ, ਜੋ ਚੰਡੀਗੜ੍ਹ ਦੇ ਲੋਕਾਂ ਨਾਲ ਧੋਖਾ ਹੈ ਅਤੇ ਇਹ ਭਾਜਪਾ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ। ਇਸ ਨਾਲ ਨਿੱਜੀ ਕੰਪਨੀ ਨੂੰ ਲਾਭ ਪਹੁੰਚੇਗਾ ਅਤੇ ਲੋਕਾ ’ਤੇ ਵਿਤੀ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਲੱਕੀ ਨੇ ਕਿਹਾ ਕਿ ਬਿਜਲੀ ਦੀ ਕੀਮਤਾਂ ਵਧਾਉਣ ਦੀ ਮੰਗ ਕਰਨ ਤੋਂ ਪਹਿਲਾਂ ਕੰਪਨੀ ਨੂੰ ਘੱਟੋ-ਘੱਟ ਦੋ ਸਾਲਾਂ ਲਈ ਚੰਡੀਗੜ੍ਹ ਦੇ ਲੋਕਾਂ ਨੂੰ ਸੰਤੋਸ਼ਜਨਕ ਅਤੇ ਚੰਗੀਆਂ ਸੇਵਾਵਾਂ ਦੇਣੀਆਂ ਚਾਹੀਦੀਆਂ ਸਨ ਜਦੋਂਕਿ ਬਿਜਲੀ ਕੰਪਨੀ ਨੇ ਆਪਣੀਆਂ ਸੇਵਾਵਾਂ ਦਿਖਾਉਣ ਦੀ ਥਾਂ ’ਤੇ ਬਿਜਲੀ ਦੀਆਂ ਕੀਮਤਾ ਵਧਾ ਕੇ ਲੋਕਾਂ ’ਤੇ ਵਾਧੂ ਦਾ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੰਡੀਗੜ੍ਹ ਦੀ ਜਨਤਾ ਨਾਲ ਮਿਲ ਕੇ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਸ਼ੁਰੂ ਕਰੇਗੀ। ਬਿਜਲੀ ਬੁਨਿਆਦੀ ਲੋੜ ਹੈ, ਇਸ ਲਈ ਨਿੱਜੀ ਕੰਪਨੀ ਨੂੰ ਮੁਨਾਫ਼ੇਖੋਰੀ ਦੀ ਥਾਂ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤ ਦੇਣ ਵੱਧ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜੇ ਈ ਆਰ ਸੀ ਤੋਂ ਮੰਗ ਕੀਤੀ ਕਿ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਦੇ ਫ਼ੈਸਲੇ ਨੂੰ ਵਾਪਸ ਲਿਆ ਜਾਵੇ।
‘ਆਪ’ ਨੇ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇ ਈ ਆਰ ਸੀ) ਵੱਲੋਂ ਬਿਜਲੀ ਦਰਾਂ ਵਿੱਚ ਵਾਧਾ ਕਰਨ ਦਾ ਵਿਰੋਧ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬਿਜਲੀ ਦੀਆਂ ਵਧੀਆਂ ਦਰਾਂ ਦੇ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਜਦੋਂ ਬਿਜਲੀ ਵਿਭਾਗ ਪਹਿਲਾਂ ਹੀ ਮੁਨਾਫ਼ੇ ਵਿੱਚ ਸੀ ਤਾਂ ਇਹ ਵਾਧਾ ਸਿਰਫ਼ ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕੀਤਾ ਗਿਆ ਹੈ। ਇਹ ਆਮ ਆਦਮੀ ਦੀ ਜੇਬ ’ਤੇ ਸਿੱਧਾ ਹਮਲਾ ਹੈ। ਇਸ ਦਾ ਸਿੱਧਾ ਅਸਰ ਮੱਧਮ ਤੇ ਛੋਟੇ ਵਰਗ ਦੇ ਲੋਕਾਂ ਅਤੇ ਛੋਟੇ ਵਪਾਰੀਆਂ ’ਤੇ ਪਵੇਗਾ। ਇਸ ਫ਼ੈਸਲੇ ਨਾਲ ਲੋਕਾਂ ਦਾ ਬਿਜਲੀ ਬਿਲ ਹਰ ਮਹੀਨੇ 700 ਤੋਂ 1500 ਤੱਕ ਵਧ ਕੇ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਪਰ ਚੰਡੀਗੜ੍ਹ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ‘ਆਪ’ ਲੋਕ ਹਿੱਤ ਵਿੱਚ ਕੰਮ ਕਰਨ ਲੱਗੀ ਹੋਈ ਹੈ ਜਦੋਂਕਿ ਭਾਜਪਾ ਲੋਕਾਂ ’ਤੇ ਵਾਧੂ ਬੋਝ ਪਾ ਰਹੀ ਹੈ।
ਲੋਕਾਂ ’ਤੇ ਬੋਝ ਨਹੀਂ ਪੈਣ ਦੇਵਾਂਗੇ: ਮਲਹੋਤਰਾ
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਭਾਜਪਾ ਵੱਲੋਂ ਚੰਡੀਗੜ੍ਹੀਆਂ ’ਤੇ ਵਾਧੂ ਬੋਝ ਨਹੀਂ ਪੈਣ ਦਿੱਤਾ ਜਾਵੇਗਾ। ਇਸ ਬਾਰੇ ਭਾਜਪਾ ਵੱਲੋਂ ਮੰਥਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਜਦੋਂਕਿ ਭਾਜਪਾ ਦੇ ਜਨਰਲ ਸਕੱਤਰ ਸੰਜੀਵ ਰਾਣਾ ਨੇ ਕਿਹਾ ਕਿ ਭਾਜਪਾ ਵੱਲੋਂ ਜਲਦ ਮੀਟਿੰਗ ਕਰ ਕੇ ਯੂਟੀ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਬਿਜਲੀ ਦਰਾਂ ਵਿੱਚ ਵਾਧੇ ਬਾਰੇ ਗੱਲਬਾਤ ਕੀਤੀ ਜਾਵੇਗੀ।

