ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 15 ਅਕਤੂਬਰ
ਕੇਬਲ ਫੈਕਟਰੀ ਦੇ ਨਿਗਮੀਕਰਨ ਦੇ ਫੈਸਲੇ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਇਥੇ ਸੈਕਟਰ-29 ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਦੇ ਅਗਵਾਈ ਹੇਠ ਇਕੱਠੇ ਹੋਏ 300 ਕਾਂਗਰਸੀ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਅਤੇ ਸੈਕਟਰ-26 ਦੇ ਥਾਣੇ ਵਿੱਚ ਡੱਕ ਦਿੱਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੀ ਸੈਕਟਰ-26 ਥਾਣੇ ਵਿੱਚ ਪਹੁੰਚੇ ਤੇ ਵਰਕਰਾਂ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਤੋਂ ਪਹਿਲਾਂ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਨਰਿੰਦਰ ਮੋਦੀ ਸਰਕਾਰ ਦੇਸ਼ ਦੀਆਂ ਸਰਕਾਰੀ ਸੰਸਥਾਵਾਂ ਦਾ ਨਿੱਜੀਕਰਨ ਕਰ ਰਹੀ ਹੈ। ਇਸ ਮੌਕੇ ਨਿਗਮ ਕੌਂਸਲਰ ਦੇਵਿੰਦਰ ਸਿੰਘ ਬਬਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 200 ਸਾਲ ਪੁਰਾਣੀ ਹਥਿਆਰ ਨਿਰਮਾਣ ਫੈਕਟਰੀ (ਕੇਬਲ ਫੈਕਟਰੀ) ਦਾ ਨਿਗਮੀਕਰਣ ਕਰ ਦਿੱਤਾ ਹੈ ਜਿਸ ਵਿੱਚ ਲਗਪਗ 74000 ਕਰਮਚਾਰੀ ਕੰਮ ਕਰ ਰਹੇ ਹਨ। ਕੇਬਲ ਫੈਕਟਰੀ ਦੀਆਂ ਕਈ ਬਰਾਚਾਂ ਪੂਰੇ ਦੇਸ਼ ਵਿੱਚ ਹਨ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਫੌਜੀ ਜਵਾਨਾਂ ਦੇ ਜੁੱਤਿਆਂ ਤੋਂ ਲੈ ਕੇ ਟੈਂਕ ਤੱਕ ਬਣਦੇ ਹਨ। ਉਨ੍ਹਾਂ ਕਿਹਾ ਕਿ 2014 ਦੀਆਂ ਚੋਣਾਂ ਵਿੱਚ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਸਰਕਾਰੀ ਸੰਸਥਾ ਨੂੰ ਪ੍ਰਾਈਵੇਟ ਹੱਥਾਂ ਵਿੱਚ ਨਹੀਂ ਦੇਣਗੇ।
ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ
ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਐੱਸਐੱਨਐੱਲ ਸਮੇਤ ਬਿਜਲੀ ਵਿਭਾਗ, ਹਵਾਈ ਸੇਵਾ, ਤੇਲ ਵਿਭਾਗ, ਸਫਾਈ ਵਿਵਸਥਾ ਅਤੇ ਹੋਰ ਕਈ ਵਿਭਾਗਾਂ ਦਾ ਨਿੱਜੀਕਰਨ ਕਰਕੇ ਕਰਮਚਾਰੀਆਂ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ।