ਅਜੇ ਮਲਹੋਤਰਾ
ਬਸੀ ਪਠਾਣਾਂ, 31 ਮਈ
ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਰੋਸ ਵਜੋਂ ਅੱਜ ਇਥੋਂ ਦੇ ਬੱਸ ਸਟੈਂਡ ’ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਪੰਜਾਬ ਸਰਕਾਰ ਦੀ ਕਥਿਤ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਕਾਨੂੰਨ ਵਿਵਸਥਾ ਦਾ ਹਾਲ ਮਾੜਾ ਹੈ। ਲੋਕ ਖੁ਼ਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸ੍ਰੀ ਜੀਪੀ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਕੇ ਮੀਡੀਆ ’ਚ ਖਬਰਾਂ ਲਗਵਾ ਕੇ ਖੁਦ ਨੂੰ ਹੀਰੋ ਸਾਬਤ ਕਰਨਾ ਵੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ। ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਵਾਪਸ ਲੈਣਾ ਭਗਵੰਤ ਮਾਨ ਸਰਕਾਰ ਦਾ ਮੰਦਭਾਗਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਾਸੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ, ਬਲਾਕ ਸਮਿਤੀ ਚੇਅਰਪਰਸਨ ਬਲਜੀਤ ਕੌਰ, ਸਾਬਕਾ ਕੌਂਸਲਰ ਅਨੂਪ ਸਿੰਗਲਾ, ਹਰਭਜਨ ਸਿੰਘ ਨਾਮਧਾਰੀ ਅਤੇ ਸਮੀਰ ਕਪਲਿਸ਼ ਆਦਿ ਹਾਜ਼ਰ ਸਨ।
ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਦੀਪਇੰਦਰ ਢਿੱਲੋਂ
ਲਾਲੜੂ (ਸਰਬਜੀਤ ਸਿੰਘ ਭੱਟੀ): ਗਾਇਕ ਸਿੱਧੂ ਮੂਸੇਵਾਲੇ ਦੀ ਹੱਤਿਆ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ। ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਸਰਕਾਰ ਦੀ ਜੀ ਹਜ਼ੂਰੀ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਤੇ ਪੁਲੀਸ ਦੀ ਕਥਿਤ ਲਾਪ੍ਰਵਾਹੀ ਕਾਰਨ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਹੈ ਅਤੇ ਇਸ ਵੇਲੇ ਪਰਿਵਾਰ ਮਾਨਸਿਕ ਪੀੜ ਵਿੱਚੋਂ ਲੰਘ ਰਿਹਾ ਹੈ।