ਆਤਿਸ਼ ਗੁਪਤਾ
ਚੰਡੀਗੜ੍ਹ, 8 ਜੂਨ
ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਕਾਂਗਰਸ ਨੂੰ ਝਟਕਾ ਲੱਗ ਰਿਹਾ ਹੈ ਜਿੱਥੇ ਅੱਜ ਵਾਰਡ ਨੰਬਰ 20 ਤੋਂ ਕਾਂਗਰਸੀ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਪਣੇ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਸੰਸਦ ਮੈਂਬਰ ਕਿਰਨ ਕੇਰ ਅਤੇ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਸੈਕਟਰ 33 ਸਥਿਤ ਪਾਰਟੀ ਦਫ਼ਤਰ ਕਮਲਮ ਵਿੱਚ ਕਾਂਗਰਸੀ ਕੌਂਸਲਰ ਦਾ ਭਾਜਪਾ ਵਿੱਚ ਸਿਰੋਪਾਓ ਪਾ ਕੇ ਸਵਾਗਤ ਕੀਤਾ ਹੈ।
ਦੱਸਣਯੋਗ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਗੁਰਚਰਨਜੀਤ ਸਿੰਘ ਕਾਲਾ ਨੇ ਦਸੰਬਰ 2021 ’ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵਾਰਡ 20 ਹੱਲੋਮਾਜਰਾ ਅਤੇ ਰਾਮਦਰਬਾਰ ਇਲਾਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ, ਜਿਨ੍ਹਾਂ ਨੇ ਜਿੱਤ ਤੋਂ 6 ਮਹੀਨੇ ਬਾਅਦ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਗੁਰਚਰਨਜੀਤ ਸਿੰਘ ਕਾਲਾ ਦੋ ਵਾਰ ਭਾਜਪਾ ਵਿੱਚ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਸਨ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਅੱਜ ਕੌਂਸਲਰ ਕਾਲਾ ਨੇ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਅਦ ਚੰਡੀਗੜ੍ਹ ’ਚ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਰਾਜਧਾਨੀ ਚੰਡੀਗੜ੍ਹ ਨੂੰ ਵੀ ਕਾਂਗਰਸ ਮੁਕਤ ਕਰ ਦਿੱਤਾ ਜਾਵੇਗਾ। ਇਸ ਦੌਰਾਨ ਹਾਜ਼ਰ ਸੰਸਦ ਮੈਂਬਰ ਕਿਰਨ ਖੇਰ ਨੇ ਕੌਂਸਲਰ ਗੁਰਚਰਨਜੀਤ ਸਿੰਘ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਹਿਰ ਵਾਸੀ ਆਪਣੀ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਕਿਸੇ ਵੀ ਸਮੇਂ ਆ ਸਕਦਾ ਹੈ, ਜਿਨ੍ਹਾਂ ਦੇ ਹੱਲ ਲਈ ਉਹ ਹਮੇਸ਼ਾ ਤਤਪਰ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਸਕੱਤਰ ਅਜੈ ਸ਼ਰਮਾ ਨੇ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਮੌਕੇ ਜਨਰਨ ਸਕੱਤਰ ਰਾਮਵੀਰ ਭੱਜੀ, ਚੰਦ ਰਸ਼ੇਖਰ, ਡਿਪਟੀ ਮੇਅਰ ਅਨੂਪ ਗੁਪਤਾ, ਕੈਲਾਸ਼ ਚੰਦ ਜੈਨ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਹਾਜ਼ਰ ਸਨ।
ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਨੂੰ ਮਿਲੀ ਮਜ਼ਬੂਤੀ
ਕਾਂਗਰਸੀ ਕੌਂਸਲਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਮਜ਼ਬੂਤ ਹੋ ਗਈ ਹੈ, ਜਿਸ ਕੋਲ ਪਹਿਲਾਂ 12 ਕੌਂਸਲਰ ਹੀ ਸਨ, ਪਰ ਦੋ ਕਾਂਗਰਸੀ ਕੌਂਸਲਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਕੌਂਸਲਰਾਂ ਦੀ ਗਿਣਤੀ 14 ਹੋ ਗਈ ਹੈ ਜਦੋਂਕਿ ਇੱਕ ਵੋਟ ਸੰਸਦ ਮੈਂਬਰ ਦੀ ਹੋਣ ਕਰਕੇ ਭਾਜਪਾ ਕੋਲ 15 ਵੋਟਾਂ ਹੋ ਗਈਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਲਈ ਵੀ ਚਿੰਤਾ ਖੜ੍ਹੀ ਹੋ ਗਈ ਹੈ ਜਿਸ ਵੱਲੋਂ ਆਪਣੇ 14 ਕੌਂਸਲਰਾਂ ਨੂੰ ਸਾਂਭਣ ਦੀ ਤਿਆਰੀ ਕੀਤੀ ਜਾ ਰਹੀ ਹੈ।