ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਸ਼ਹਿਰ ਵਿੱਚ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਸਬੰਧੀ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਦਵਿੰਦਰ ਸਿੰਘ ਬਬਲਾ ਦੀ ਅਗਵਾਈ ਹੇਠ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਣੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਘਟਾਉਣ ਤੇ ਨਗਰ ਨਿਗਮ ਅਧੀਨ ਆਏ ਪਿੰਡਾਂ ਵਿੱਚ ਲਾਲ ਡੋਰੇ ਦਾ ਇਲਾਕਾ ਵਧਾਉਣ ਦੀ ਮੰਗ ਕੀਤੀ ਤਾਂ ਜੋ ਲਾਲ ਡੋਰੇ ਤੋਂ ਬਾਹਰ ਬਣੇ ਮਕਾਨਾਂ ਨੂੰ ਰੈਗੂਲਰ ਕੀਤਾ ਜਾ ਸਕੇ।
ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਦੇ ਡੱਡੂਮਾਜਰਾ ਨਾਲ ਲੱਗਦੇ ਡੰਪਿੰਗ ਗਰਾਊਂਡ ਕਾਰਨ ਨੇੜਲੇ ਇਲਾਕਿਆਂ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਕੁਝ ਦਿਨਾਂ ਬਾਅਦ ਲੱਗਦੀ ਅੱਗ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਡੱਡੂਮਾਜਰਾ ਡੰਪਿੰਗ ਗਰਾਊਂਡ ਸਬੰਧੀ ਪਹਿਲ ਦੇ ਆਧਾਰ ’ਤੇ ਕਦਮ ਚੁੱਕੇ ਜਾਣ। ਸ੍ਰੀ ਬਬਲਾ ਨੇ ਬਿਜਲੀ ਵਿਭਾਗ ਦੇ ਹੋ ਰਹੇ ਨਿੱਜੀਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਲਾਭ ਵਿੱਚ ਚੱਲ ਰਿਹਾ ਹੈ ਤਾਂ ਉਸ ਨੂੰ ਨਿੱਜੀ ਹੱਥਾਂ ਵਿੱਚ ਦੇਣਾ ਗ਼ਲਤ ਹੈ। ਕਾਂਗਰਸੀ ਆਗੂਆਂ ਨੇ ਸ੍ਰੀ ਬਦਨੌਰ ਨੂੰ ਸ਼ਹਿਰ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ’ਤੇ ਨੱਥ ਪਾਉਣ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ। ਸ੍ਰੀ ਬਦਨੌਰ ਨੇ ਕਾਂਗਰਸੀ ਕੌਂਸਲਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਾਂਗਰਸੀ ਕੌਂਸਲਰਾਂ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਕੁਲੈਕਟਰ ਰੇਟ ਦਾ ਮੁੱਦਾ ਮੁੜ ਚੁੱਕਿਆ।