ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਫਰਵਰੀ
ਮੁਹਾਲੀ ਤੋਂ ਭਾਜਪਾ-ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਅੱਜ ਇੰਡਸਟਰੀ ਬਿਜ਼ਨਸ ਓਨਰ ਐਸੋਸੀਏਸ਼ਨ ਵੱਲੋਂ ਸੈਕਟਰ-82 ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕੀਤਾ। ਆਰਥਿਕ ਪੱਖੋਂ ਕਮਜ਼ੋਰ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਦੀ ਮਾਰ ਹੇਠ ਆਏ ਪੰਜਾਬ ਨੂੰ ਬਚਾਉਣ ਅਤੇ ਇਕ ਸਵੈ-ਨਿਰਭਰ, ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਨਵੇਂ ਪੰਜਾਬ ਦੀ ਸਥਾਪਨਾ ਲਈ ਭਾਜਪਾ ਗੱਠਜੋੜ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲ ਵਿੱਚ ਉਦਯੋਗਾਂ, ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਲਈ ਕੁੱਝ ਨਹੀਂ ਕੀਤਾ।
ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਇਹ ਚੰਗੀ ਤਰ੍ਹਾਂ ਸਮਝਦੀ ਹੈ ਕਿ ਸੂਬਿਆਂ ਨੂੰ ਆਤਮ-ਨਿਰਭਰ ਬਣਾਉਣ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਅਮਰੀਕਾ, ਯੂਰੋਪ ਅਤੇ ਹੋਰ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰ ਕੇ ਕੌਮਾਂਤਰੀ ਕੰਪਨੀਆਂ ਨੂੰ ਅਕਰਸ਼ਿਤ ਕੀਤਾ ਜਾਵੇਗਾ।
ਸੰਜੀਵ ਵਿਸ਼ਿਸ਼ਟ ਨੇ ਕਿਹਾ ਕਿ ਕੁੱਝ ਦਿਨਾਂ ਪਹਿਲਾਂ ਭਾਜਪਾ ਸਹਿਯੋਗੀ ਪਾਰਟੀਆਂ ਵੱਲੋਂ 11 ਸੂਤਰੀ ਪ੍ਰੋਗਰਾਮ ਤਹਿਤ ਉਦਯੋਗਾਂ ਲਈ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਸਥਾਪਿਤ ਕੀਤਾ ਜਾਵੇਗਾ।