Capt Amarinder Singh ਲਈ Congress ਦੇ ਦਰਵਾਜ਼ੇ ਖੁੱਲ੍ਹੇ: ਬਘੇਲ
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ
ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲੇਗੀ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਹੋ ਸਕਦੀ ਹੈ। ਬਘੇਲ ਨੇ ਅੱਜ ਕਿਹਾ ਕਿ ਜੇ ਕੈਪਟਨ ਮੁੜ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਕਾਂਗਰਸ ਹਾਈਕਮਾਂਡ ਇਸ ਪ੍ਰਸਤਾਵ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ।
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਖ਼ਬਰਾਂ ਮਿਲ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਘੁਟਣ ਮਹਿਸੂਸ ਕਰ ਰਹੇ ਹਨ। 82 ਸਾਲਾ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਗੋਡਿਆਂ ਦਾ ਅਪਰੇਸ਼ਨ ਕਰਵਾਇਆ ਸੀ ਤੇ ਉਹ ਪਿਛਲੇ ਕੁਝ ਸਮੇਂ ਤੋਂ ਸਿਆਸੀ ਤੌਰ ’ਤੇ ਸਰਗਰਮ ਨਹੀਂ ਸਨ।
ਈਡੀ (ED) ਦੇ ਸੰਮਨ ਨੇ ਵਧਾਈਆਂ ਮੁਸ਼ਕਲਾਂ
ਬਘੇਲ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਇੱਕ ਦਿਨ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ FEMA ਦੇ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ। ਇਹ ਮਾਮਲਾ ਸਾਲ 2016 ਦਾ ਹੈ, ਜਿਸ ਵਿੱਚ ਵਿਦੇਸ਼ੀ ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਲੱਗੇ ਸਨ। ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਡੀ ਨੂੰ ਇਨਕਮ ਟੈਕਸ ਵਿਭਾਗ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇੱਕ ਪਾਸੇ ਈਡੀ ਦੀ ਕਾਰਵਾਈ ਅਤੇ ਦੂਜੇ ਪਾਸੇ ਕਾਂਗਰਸ ਵੱਲੋਂ ਮਿਲ ਰਹੇ ਸੰਕੇਤ ਪੰਜਾਬ ਦੀ ਰਾਜਨੀਤੀ ਵਿੱਚ ਕਿਸੇ ਵੱਡੇ ਉਲਟਫੇਰ ਵੱਲ ਇਸ਼ਾਰਾ ਕਰ ਰਹੇ ਹਨ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

