ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੱਲੋਂ ਅੱਜ ਚੰਡੀਗੜ੍ਹ ਦੇ ਪਿੰਡ ਦੜੂਆ ਵਿਖੇ ‘ਵੋਟ ਚੋਰੀ’ ਦੇ ਵਿਰੋਧ ਵਿੱਚ ਮਸ਼ਾਲ ਯਾਤਰਾ ਕੱਢੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲਈ ਭਾਜਪਾ ਵੱਲੋਂ ਚੋਣ ਕਮਿਸ਼ਨ ਰਾਹੀਂ ਦੇਸ਼ ਵਿੱਚ ਵੋਟਾਂ ਦੀ ਚੋਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਚੋਣ ਕਮਿਸ਼ਨ ਵੱਲੋਂ ਮਿਲੀਭੁਗਤ ਨਾਲ ਕੀਤੀ ਜਾ ਰਹੀ ਵੋਟ ਚੋਰੀ ਵਿਰੁੱਧ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਆਵਾਜ਼ ਬੁਲੰਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਵੋਟ ਚੋਰੀ ਬਾਰੇ ਦੇਸ਼ ਦੇ ਲੋਕ ਸਮਝ ਚੁੱਕੇ ਹਨ, ਜਿਨ੍ਹਾਂ ਵੱਲੋਂ ਕਾਂਗਰਸ ਦੀ ਹਮਾਇਤ ਵਿੱਚ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸ੍ਰੀ ਬਾਂਸਲ ਨੇ ਕਿਹਾ ਕਿ ਕਾਂਗਰਸ ਵੱਲੋਂ ‘ਵੋਟ ਚੋਰੀ’ ਦੋ ਵਿਰੋਧ ਵਿੱਚ ਸੰਸਦ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਦੇਸ਼ ਭਰ ਦੇ ਲੋਕਾਂ ਤੱਕ ਲਿਜਾਇਆ ਜਾਵੇਗਾ ਜਿੱਥੇ ਲੋਕਾਂ ਨੂੰ ਭਾਜਪਾ ਦੀਆਂ ਸਾਜਿਸ਼ਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਵੋਟ ਦਾ ਅਧਿਕਾਰ ਦਿੰਦਾ ਹੈ, ਪਰ ਭਾਜਪਾ ਵੱਲੋਂ ਚੋਣ ਕਮਿਸ਼ਨ ਦੀ ਮਦਦ ਨਾਲ ਲੋਕਾਂ ਦੀਆਂ ਵੋਟਾਂ ਕੱਟ ਕੇ ਵੋਟ ਦੇ ਅਧਿਕਾਰ ਨੂੰ ਵੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਭਾਜਪਾ ਦੀਆਂ ਅਜਿਹੀ ਸਾਜ਼ਿਸ਼ਾਂ ਵਿਰੁੱਧ ਭਵਿੱਖ ਵਿੱਚ ਵੀ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਫੂਲ ਕਲਿਆਣ, ਭੁਪਿੰਦਰ ਸਿੰਘ ਬਡਹੇੜੀ, ਸਾਹਿਬ ਦੂਬੇ, ਅਸ਼ੀਸ਼ ਗਜ਼ਨਵੀ, ਦੀਪਾ ਦੂਬੇ, ਸਤੀਸ਼ ਕੈਂਥ, ਅਭਿਸ਼ੇਕ ਸ਼ੈਂਕੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।