ਕਾਂਗਰਸ ਵੱਲੋਂ ‘ਵੋਟ ਚੋਰ, ਗੱਦੀ ਛੋੜ’ ਦੀ ਹਮਾਇਤ ’ਚ ਦਸਤਖ਼ਤ ਮੁਹਿੰਮ ਸ਼ੁਰੂ
ਇੱਥੇ ਚੰਡੀਗੜ੍ਹ ਕਾਂਗਰਸ ਨੇ ਦੇਸ਼ ਵਿੱਚ ਚੋਣਾਂ ਦੌਰਾਨ ਕੀਤੀਆਂ ਜਾ ਰਹੀਆਂ ਗੜਬੜੀਆਂ ਅਤੇ ਲੋਕਤਾਂਤਰਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਇੱਥੇ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਤਹਿਤ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕਾਂਗਰਸ ਦੀ ਕੌਮੀ ਜਨਰਲ ਸਕੱਤਰਰ ਰਜਨੀ ਪਾਟਿਲ ਪਹੁੰਚੀ। ਉਨ੍ਹਾਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੇ ਹੋਰਨਾਂ ਕਾਂਗਰਸੀਆਂ ਨਾਲ ਦਸਤਖ਼ਤ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਸੀਨੀਅਰ ਕਾਂਗਰਸੀ ਆਗੂ ਰਜਨੀ ਪਾਟਿਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਵਿੱਚ ਭਰੋਸਾ ਰੱਖਦੀ ਹੈ ਅਤੇ ਉਸ ਦੀ ਕਦਰ ਕਰਦੀ ਹੈ। ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਸ਼ੁਰੂ ਕੀਤੀ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਦਾ ਉਦੇਸ਼ ਦੇਸ਼ ਵਿੱਚੋਂ ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੀਆਂ ਸਾਜਿਸ਼ਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਵਿਰੁੱਧ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਮੁਹਿੰਮ ਚਲਾਈ ਗਈ ਹੈ।
ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਵੀਐੱਮ ਵਿੱਚ ਹੈਰਾਫੇਰੀ ਨਾਲ ਚੋਣ ਕਮਿਸ਼ਨ ’ਤੇ ਕਬਜ਼ਾ ਕਰਨਾ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਲਈ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਇਹ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਦੇਸ਼ ਭਰ ਤੋਂ ਲੋਕਾਂ ਦੇ ਦਸਤਖ਼ਤ ਕਰਵਾ ਕੇ ਭਾਰਤੀ ਚੋਣ ਕਮਿਸ਼ਨ ਨੂੰ ਸੌਂਪੇ ਜਾਣਗੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਸਤਖ਼ਤ ਮੁਹਿੰਮ ਤਹਿਤ ਸ਼ਹਿਰ ਦੇ ਹਰੇਕ ਵਾਰਡ ਤੇ ਬੂਥ ਪੱਧਰ ’ਤੇ ਮੁਹਿੰਮ ਚਲਾ ਕੇ ਲੋਕਾਂ ਦੇ ਦਸਤਖ਼ਤ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਨੇ ਸ਼ਹਿਰ ਵਿੱਚ ਇਕ ਲੱਖ ਲੋਕਾਂ ਦੇ ਦਸਤਖ਼ਤ ਕਰਵਾਉਣ ਦਾ ਟੀਚਾ ਮਿਥਿਆ ਹੈ, ਜਿਸ ਨੂੰ ਪੂਰਾ ਕੀਤਾ ਜਾਵੇਗਾ। ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਐਡਵੋਕੇਟ ਰਾਜੀਵ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੌਰਾਨ ਵੀ ਸ਼ਰ੍ਹੇਆਮ ਵੋਟ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਕਾਂਗਰਸ ਨੇ ਸਭ ਦੇ ਸਾਹਮਣੇ ਲਿਆਂਦਾ ਸੀ। ਹੁਣ ਦੇਸ਼ ਵਿੱਚ ਵੀ ਭਾਜਪਾ ਵੱਲੋਂ ਕੀਤੀ ਜਾ ਰਹੀ ਵੋਟ ਚੋਰੀ ਨੂੰ ਇਸ ਮੁਹਿੰਮ ਤਹਿਤ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ।