ਚੰਡੀਗੜ੍ਹ ਕਾਂਗਰਸ ਦੇ ਘੱਟ ਗਿਣਤੀਆਂ ਵਿੰਗ ਵੱਲੋਂ ਸ਼ਹਿਰ ਵਿੱਚ ‘ਸੰਵਿਧਾਨ ਬਚਾਓ’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਸਮੁੱਚੀ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਸੰਵਿਧਾਨ ਦੀ ਰਾਖੀ ਲਈ ਇਕ-ਜੁੱਟ ਹੋਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਅੱਜ ਕਾਂਗਰਸ ਦੇ ਘੱਟ ਗਿਣਤੀਆਂ ਵਿਭਾਗ ਵੱਲੋਂ ਬੁੜ੍ਹੈਲ, ਮਨੀਮਾਜਰਾ ਅਤੇ ਸੁੰਦਰ ਨਗਰ ਮੌਲੀ ਜੱਗਰਾਂ ਵਿਖੇ ਤਿੰਨ ਵੱਡੇ ਇਕੱਠ ਕੀਤੇ ਗਏ। ਇਸ ਦੌਰਾਨ ਕਾਂਗਰਸ ਵੱਲੋਂ ਲੋਕਾਂ ਨੂੰ ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਦੇ ਨਿਯਮਾਂ ਦੇ ਉਲਟ ਜਾ ਕੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਹੀ ਸੰਵਿਧਾਨ ਦੀ ਰਾਖੀ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਲਗਾਤਾਰ ਸੰਵਿਧਾਨ ’ਤੇ ਹਮਲੇ ਕਰਕੇ ਸੰਵਿਧਾਨ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਕੇਂਦਰ ਸਰਕਾਰ ਜਾਂ ਭਾਜਵਾ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਵਿਰੁੱਧ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੇਸ਼ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਚਿਨ ਗਾਲਵ, ਰਾਜਦੀਪ ਸਿੱਧੂ, ਇਮਰਾਮ ਮੰਸੂਰੀ, ਸੰਦੀਪ ਗੁੱਜਰ, ਜ਼ਫ਼ਰ ਮਲਿਕ, ਸੁਰਜੀਤ ਢਿੱਲੋਂ, ਗੁਰਚਰਨ ਦਾਸ ਕਾਲਾ, ਦਰਸ਼ਨਾ ਰਾਣੀ, ਸੰਜੀਵ ਗਾਬਾ, ਮੁਕੇਸ਼ ਰਾਏ, ਲੇਖਪਾਲ ਮੌਜੂਦ ਰਹੇ।
+
Advertisement
Advertisement
Advertisement
Advertisement
×