Congress MLAs ਵੱਲੋਂ ਪੇਪਰ ਲੀਕ ਮਾਮਲੇ 'ਤੇ ਸਰਕਾਰ ਦੀ ਘੇਰਾਬੰਦੀ: ਵਿਧਾਨ ਸਭਾ ਬਾਹਰ ਕੀਤੀ ਨਾਅਰੇਬਾਜ਼ੀ
ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਦਾ ਪ੍ਰਦਰਸ਼ਨ
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰਨਾਂ ਕਾਂਗਰਸੀ ਵਿਧਾਇਕਾਂ ਵੱਲੋਂ ਪੇਪਰ ਲੀਕ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਬੰਦੀ ਕੀਤੀ ਗਈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਪੇਪਰ ਲੀਕ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਤਰ-ਮੰਤਰ ਉੱਤੇ ਵਿਦਿਆਰਥੀਆਂ ਦੇ ਧਰਨੇ ਵਿੱਚ ਪਹੁੰਚੇ ਹਨ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ, ਪਰ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਵਿੱਚ ਉਨ੍ਹਾਂ ਨੇ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਈ ਠੋਸ ਜਵਾਬ ਨਾ ਦਿੱਤਾ ਗਿਆ
ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਰੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਗੁਰੂ ਦੋਖੀ ਕਰਾਰੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਮੱਥੇ ਨਹੀਂ ਲੱਗਣਗੇ। ਪਰ ਇਸ ਬਾਰੇ ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ।

