Congress: ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਾ ਵਿਰੋਧ
ਚੰਡੀਗੜ੍ਹ ਕਾਂਗਰਸ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਉਤਰਾਖੰਡ ਵਿੱਚ ਪੁਲੀਸ ਕੇਸ ਦਰਜ ਕਰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਦੀ ਅਗਵਾਈ...
ਚੰਡੀਗੜ੍ਹ ਕਾਂਗਰਸ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਉਤਰਾਖੰਡ ਵਿੱਚ ਪੁਲੀਸ ਕੇਸ ਦਰਜ ਕਰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਦੀ ਅਗਵਾਈ ਹੇਠ ਕਾਂਗਰਸੀ ਸੈਕਟਰ 35 ਸਥਿਤ ਪਾਰਟੀ ਦਫ਼ਤਰ ਤੋਂ ਸੈਕਟਰ 33 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਦੂਰੀ ’ਤੇ ਹੀ ਬੈਰੀਕੇਡ ਲਾ ਕੇ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਝੜਪ ਹੋਈ ਅਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਸ੍ਰੀ ਲੱਕੀ ਨੇ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦੇ ਹੋਏ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਝੂਠੇ ਮਾਮਲਿਆਂ ਅਤੇ ਸਰਕਾਰੀ ਸੰਸਥਾਵਾਂ ਦਾ ਦੁਰਵਰਤੋਂ ਕਰ ਰਹੀ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਹੁਣ ਤੱਕ 32 ਤੋਂ ਵੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ, ਪਰ ਸ੍ਰੀ ਗਾਂਧੀ ਡਰਨ ਵਾਲੇ ਨੇਤਾਵਾਂ ਵਿੱਚੋਂ ਨਹੀਂ ਹਨ। ਉਹ ਲੋਕਾਂ ਦੇ ਮੁੱਦਿਆਂ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦਲਿਤ ਸਮਾਜ ਦੇ ਸਨਮਾਨ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਸੰਵਿਧਾਨ ਦੀ ਭਾਵਨਾ ਖ਼ਿਲਾਫ਼ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਕੇਸ ਦਰਜ ਕਰਨਾ ਭਾਜਪਾ ਸਰਕਾਰ ਦੀ ਦੋਹਰੀ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਸ੍ਰੀ ਲੱਕੀ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ, ਪੇਪਰ ਲੀਕ ਅਤੇ ਹੋਰ ਲੋਕ-ਹਿੱਤ ਦੇ ਮੁੱਦਿਆਂ ’ਤੇ ਫੇਲ੍ਹ ਹੋ ਚੁੱਕੀ ਹੈ। ਉਹ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਵਿਰੋਧੀ ਨੇਤਾਵਾਂ ਅਤੇ ਲੋਕਤੰਤਰਿਕ ਆਵਾਜ਼ਾਂ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ, ਉਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।

