ਆਤਿਸ਼ ਗੁਪਤਾ
ਚੰਡੀਗੜ੍ਹ, 16 ਜੂਨ
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੰਮਨ ਭੇਜ ਕੇ ਵਾਰ-ਵਾਰ ਸੱਦੇ ਜਾਣ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ।
ਚੰਡੀਗੜ੍ਹ ਕਾਂਗਰਸ ਦੇ ਆਗੂ ਸੈਕਟਰ 35 ਸਥਿਤ ਕਾਂਗਰਸ ਭਵਨ ਵਿੱਚ ਇਕੱਠੇ ਹੋਏ। ਇਸ ਤੋਂ ਬਾਅਦ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਲਈ ਅੱਗੇ ਵਧੇ ਤਾਂ ਪੁਲੀਸ ਨੇ ਸੈਕਟਰ 34/35 ਦੀਆਂ ਲਾਈਟਾਂ ’ਤੇ ਹੀ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਕਾਂਗਰਸੀਆਂ ਅਤੇ ਪੁਲੀਸ ਵਿਚਕਾਰੀ ਖਿੱਚਧੂਹ ਵੀ ਹੋਈ। ਅਖੀਰ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਉਨ੍ਹਾਂ ਨੂੰ ਸੈਕਟਰ 36 ਥਾਣੇ ਲੈ ਗਈ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕੇਂਦਰ ਵਿੱਚ ਕਾਬਜ਼ ਮੋਦੀ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੈ ਉਹ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀਆਂ ਹਨ। ਈਡੀ ਵੱਲੋਂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਵਾਰ-ਵਾਰ ਸੱਦ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ ਨਿੱਤ ਵੱਧ ਰਹੀ ਹੈ। ਲੋਕਾਂ ਵਿੱਚ ਆਪਸੀ ਟਕਰਾਅ ਹੋ ਰਹੇ ਹਨ, ਜਿਸ ਦਾ ਕਾਂਗਰਸ ਪਾਰਟੀ ਡੱਟ ਕੇ ਵਿਰੋਧ ਕਰ ਰਹੀ ਹੈ। ਇਸੇ ਕਰਕੇ ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਹੋਰਨਾਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕਾਂਗਰਸੀਆਂ ਨੇ ਥਾਣਾ ਸੈਕਟਰ 36 ਵਿੱਚ ਹੀ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਪੁਲੀਸ ਰਾਹੀਂ ਪੰਜਾਬ ਦੇ ਰਾਜਪਾਲ ਕੋਲ ਭੇਜਿਆ ਗਿਆ।
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਪਾਰਟੀ ਦਬਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਸਣੇ ਹੋਰਨਾਂ ਕਈ ਸੀਨੀਅਰ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰ ਦੀ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਆਖਰੀ ਦਮ ਤੱਕ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਓਪੀ ਵਰਮਾ, ਮਨੋਜ ਲੁਬਾਣਾ, ਵਿਨੋਦ ਸ਼ਰਮਾ, ਭੁਪਿੰਦਰ ਸਿੰਘ, ਰਵੀ ਠਾਕੁਰ, ਮੁਕੇਸ਼ ਰਾਏ, ਰਾਜੀਵ ਮੌਦਗਿੱਲ, ਦਵਿੰਦਰ ਗੁਪਤਾ, ਵਿਕਰਮ ਅਰੋੜਾ, ਕੌਂਸਲਰ ਜਸਬੀਰ ਬੰਟੀ, ਨਿਰਮਲਾ ਦੇਵੀ, ਗੁਰਪ੍ਰੀਤ ਗਾਬੀ ਅਤੇ ਸਾਚਿਨ ਗਾਲਬ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।