ਪੇਪਰ ਲੀਕ ਮਾਮਲੇ ਸਬੰਧੀ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਦੇਸ਼ ਭਰ ਵਿੱਚ ਚਰਚਾ ਦਾ ਕੇਂਦਰ ਬਣੇ ਨੀਟ ਪੇਪਰ ਲੀਕ ਮਾਮਲੇ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੀਨੀਅਰ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕਰਦਿਆਂ ਨੀਟ ਪ੍ਰੀਖਿਆ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਨੀਟ ਵਰਗੀ ਵੱਕਾਰੀ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਗੰਭੀਰ ਮਾਮਲਾ ਹੈ। ਸ੍ਰੀ ਨਾਗਰਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੌਰਾਨ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਲਗਾਤਾਰ ਵਧੀਆ ਹਨ ਜਿਸ ਕਾਰਨ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਅਤੇ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸੇਵਾ ਦਲ, ਮਹਿਲਾ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ ਸੀ ਸੈੱਲ, ਬੀ ਸੀ ਸੈੱਲ, ਬਲਾਕ ਅਤੇ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਮੁੱਲਾਂਪੁਰ ਗਰੀਬਦਾਸ ਵਿੱਚ ਪਾਰਟੀ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਟਿੰਕੂ ਸ਼ਰਮਾ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਸੀ ਐੱਨ ਜੀ ਸਣੇ ਘਰੇਲੂ ਗੈਸ ਦੀਆਂ ਕੀਮਤਾਂ ਦਿਨੋ-ਦਿਨ ਵਧ ਰਹੀਆਂ ਹਨ। ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਪੰਜਾਬ ਸਰਕਾਰ ਵੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਗੈਸ ਸਿਲੰਡਰ ਕਰੀਬ ਤਿੰਨ ਸੌ ਰੁਪਏ ਸੀ ਅਤੇ ਹੁਣ ਇੱਕ ਹਜਾਰ ਰੁਪਏ ਨੂੰ ਪਹੁੰਚਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਮਹਿੰਗਾਈ ’ਤੇ ਕਾਬੂ ਪਾਇਆ ਜਾਵੇਗਾ। ਇਸ ਮੌਕੇ ਬਲਾਕ ਸਮਿਤੀ ਮੈਂਬਰ ਸਤੀਸ਼ ਕੁਮਾਰ ਸੇਠੀ, ਸਾਬਕਾ ਪ੍ਰਧਾਨ ਕਾਮਰੇਡ ਅਜੀਤ ਸਿੰਘ ਭੜੌਂਜੀਆਂ, ਬਿਲਡਰ ਕੇ ਕੇ ਮਲਹੋਤਰਾ, ਮੀਤ ਪ੍ਰਧਾਨ ਮਨਜੀਤ ਸਿੰਘ ਸਿੱਧੂ ਨਵਾਂ ਗਰਾਉਂ, ਬਿੰਦਰ ਸਿੰਘ, ਜੀਤ ਸਿੰਘ ਸੈਣੀ ਅਤੇ ਕੁਲਦੀਪ ਸਿੰਘ ਉਈਂਦ ਨੇ ਸੰਬੋਧਨ ਕੀਤਾ।

