ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਐਨਕੇ ਸ਼ਰਮਾ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਾਂਗਰਸ ਸਰਕਾਰ ’ਤੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਰੱਦ ਕਰਵਾਉਣ ਲਈ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਵਿਧਾਇਕ ਐਨਕੇ ਸ਼ਰਮਾ ਨੇ ਪੁਲੀਸ ਦੀ ਕਾਰਵਾਈ ਨੂੰ ਮਹਿਜ਼ ਸਿਆਸੀ ਸਟੰਟ ਦੱਸਦਿਆਂ ਕਿਹਾ ਕਿ ਮਜੀਠੀਆ ਦੇ ਮਾਮਲੇ ਵਿੱਚ ਨਾ ਕੋਈ ਸ਼ਿਕਾਇਤ ਕਰਤਾ ਅਤੇ ਨਾ ਹੀ ਕੋਈ ਗਵਾਹ ਹੈ। ਇਸ ਮੌਕੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਸੰਗਤੀਆਂ, ਪਰਦੀਪ ਸਿੰਘ ਭਾਰਜ, ਹਰਮਨਪ੍ਰੀਤ ਸਿੰਘ ਪ੍ਰਿੰਸ, ਅਵਤਾਰ ਸਿੰਘ ਮੌਲੀ, ਮਨਜੀਤ ਸਿੰਘ ਮਾਨ, ਅਸ਼ਵਨੀ ਸ਼ਰਮਾ, ਗੁਰਮੀਤ ਸਿੰਘ ਸ਼ਾਮਪੁਰ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਬੜੀ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।