ਰਾਹੁਲ ਨੂੰ ਮਿਲਣ ਨਾ ਦੇਣ ’ਤੇ ਪੁਲੀਸ ਨਾਲ ਖਹਿਬੜੇ ਕਾਂਗਰਸੀ ਵਰਕਰ
ਆਤਿਸ਼ ਗੁਪਤਾ
ਚੰਡੀਗੜ੍ਹ, 4 ਜੂਨ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਕਾਂਗਰਸ ਦੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਚੰਡੀਗੜ੍ਹ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੈਕਟਰ-9 ਸਥਿਤ ਹਰਿਆਣਾ ਕਾਂਗਰਸ ਦੇ ਦਫ਼ਤਰ ਵਿੱਚ ਹਰਿਆਣਾ ਕਾਂਗਰਸ ਦੀ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਵੱਡੀ ਗਿਣਤੀ ਵਿੱਚ ਹਰਿਆਣਾ ਤੇ ਚੰਡੀਗੜ੍ਹ ਕਾਂਗਰਸ ਦੇ ਵਰਕਰ ਵੀ ਪਹੁੰਚ ਗਏ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਪੁਲੀਸ ਨੇ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਰੋਕਣ ਕਾਰਨ ਕਾਂਗਰਸੀ ਵਰਕਰ ਪੁਲੀਸ ਨਾਲ ਖਹਿਬੜ ਪਏ। ਪੁਲੀਸ ਨੇ ਕਾਂਗਰਸੀ ਵਰਕਰਾਂ ਨੂੰ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆ ਕਾਂਗਰਸੀ ਵਰਕਰ ਨੂੰ ਦੂਰ ਧੱਕ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਵੱਲੋਂ ਸਿਰਫ਼ ਹਰਿਆਣਾ ਕਾਂਗਰਸ ਦੇ ਵਰਕਰਾਂ ਨਾਲ ਹੀ ਮੀਟਿੰਗ ਤੈਅ ਕੀਤੀ ਗਈ ਸੀ। ਇਸ ਦੌਰਾਨ ਹੋਰਨਾਂ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਦਾ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਸੀ। ਇਸੇ ਕਰਕੇ ਪੁਲੀਸ ਵੱਲੋਂ ਕਿਸੇ ਵੀ ਕਾਂਗਰਸੀ ਵਰਕਰ ਨੂੰ ਰਾਹੁਲ ਦੇ ਨਜ਼ਦੀਕ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਇਨ੍ਹਾਂ ਹੀ ਨਹੀਂ ਹਰਿਆਣਾ ਕਾਂਗਰਸ ਦੇ ਦਫ਼ਤਰ ਵਿੱਚ ਵੀ ਸੀਮਤ ਲੋਕਾਂ ਨੂੰ ਅੰਦਰ ਜਾਣ ਦੀ ਪ੍ਰਵਾਨਗੀ ਦਿੱਤੀ ਜਾ ਰਹੀ ਸੀ। ਰਾਹੁਲ ਨਾਲ ਮੁਲਾਕਾਤ ਨਾ ਹੋਣ ਕਾਰਨ ਕਾਂਗਰਸੀ ਵਰਕਰਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਕਾਂਗਰਸ ਵਲੋੱਂ ਹਵਾਈ ਅੱਡੇ ’ਤੇ ਰਾਹੁਲ ਦਾ ਸਵਾਗਤ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਮੁਹਾਲੀ ਦੇ ਹਵਾਈ ਅੱਡੇ ’ਤੇ ਪੁੱਜਣ ’ਤੇ ਸੀਨੀਅਰ ਆਗੂ ਰਾਹੁਲ ਗਾਂਧੀ ਦਾ ਸਵਾਗਤ ਕੀਤਾ। ਇਸ ਦੌਰਾਨ ਐੱਚਐੱਸ ਲੱਕੀ ਦੇ ਨਾਲ ਸੀਨੀਅਰ ਡਿਪਟੀ ਮੇਅਰ ਜਸਬੀਰ ਬੰਟੀ ਤੇ ਡਿਪਟੀ ਮੇਅਰ ਤਰੁਣਾ ਮਹਿਤਾ ਵੀ ਮੌਜੂਦ ਸਨ। ਲੱਕੀ ਨੇ ਦੋਵਾਂ ਦੀ ਰਾਹੁਲ ਗਾਂਧੀ ਨਾਲ ਜਾਣ ਪਛਾਣ ਵੀ ਕਰਵਾਈ। ਸ੍ਰੀ ਲੱਕੀ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਪਹਿਲਾਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਦਸ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵਾਪਸੀ ਕੀਤੀ ਹੈ। ਇਸੇ ਤਰ੍ਹਾਂ ਨਗਰ ਨਿਗਮ ਵਿੱਚ ਵੀ 12 ਸਾਲ ਬਾਅਦ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ’ਤੇ ਕਾਂਗਰਸ ਕਾਬਜ਼ ਹੋਈ ਹੈ। ਇਸ ਮੌਕੇ ਲੱਕੀ ਨੇ ਰਾਹੁਲ ਗਾਂਧੀ ਨੂੰ ਚੰਡੀਗੜ੍ਹ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਇਸ ਦੌਰਾਨ ਰਾਹੁਲ ਗਾਂਧੀ ਨੇ ਲੱਕੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ।