ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 20 ਮਾਰਚ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਵਾੜਾ ਪੈਲੇਸ ਵਿੱਚ ਧੰਨਵਾਦੀ ਸਮਾਗਮ ਵਿੱਚ ਐਲਾਨ ਕੀਤਾ ਕਿ ਉਹ ਪਹਿਲਾਂ ਵਾਂਗ ਹਲਕੇ ਦੇ ਦੁੱਖ-ਸੁੱਖ ਵਿੱਚ ਵਿਚਰਦੇ ਰਹਿਣਗੇ ਅਤੇ ਮੁਹਾਲੇ ਹਲਕੇ ਦਾ ਹਰ ਵਸਨੀਕ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਸਮਰਥਕਾਂ ਨਾਲ ਕਿਸੇ ਵੀ ਤਰਾਂ ਦੀ ਕੋਈ ਜਿਆਦਤੀ ਸਹਿਣ ਨਹੀਂ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਆਖਿਆ ਕਿ ਮੁਹਾਲੀ ਹਲਕੇ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਜਿਸ ਨੂੰ ਉਹ ਪ੍ਰਵਾਨ ਕਰਦੇ ਹਨ ਅਤੇ ਉਹ ਆਪਣੀ ਹਾਰ ਦਾ ਮੰਥਨ ਕਰਦਿਆਂ ਰਹਿ ਗਈਆਂ ਘਾਟਾਂ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਹਲਕੇ ਦੇ ਵਿਕਾਸ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਲੋਕ ਵਿਰੋਧੀ ਫੈਸਲਿਆਂ ਦਾ ਵਿਰੋਧ ਕੀਤਾ ਹੋਵੇਗਾ। ਇਸ ਮੌਕੇ ਉਨ੍ਹਾਂ ਆਪਣੀ ਚੋਣ ਮੁਹਿੰਮ ਦੌਰਾਨ ਪਿੰਡਾਂ, ਕਸਬਿਆਂ ਅਤੇ ਮੁਹਾਲੀ ਸ਼ਹਿਰ ਵਿੱਚ ਪ੍ਰਚਾਰ ਕਰਨ ਅਤੇ ਕਾਂਗਰਸ ਨੂੰ ਵੋਟਾਂ ਪਾਉਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਆਦਿ ਹਾਜ਼ਰ ਸਨ।