ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਅੱਜ ਚੋਣ ਪ੍ਰਚਾਰ ਦੌਰਾਨ ਪਿੰਡ ਬੜਮਾਜਰਾ ਵਿੱਚ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦੇ ਕੀਤੇ ਜਾ ਰਹੇ ਦਾਅਵੇ ਨਿਰਾ ਝੂਠ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਿਰਫ਼ ਸਕੂਲਾਂ ਦੀਆਂ ਕੰਧਾਂ ਨੂੰ ਬਾਹਰੋਂ ਵਧੀਆ ਰੰਗ ਰੋਗਨ ਕਰਵਾ ਕੇ ਲਿਸ਼ਕਾ ਦਿੱਤਾ ਹੈ ਜਦੋਂਕਿ ਸਕੂਲਾਂ ਅੰਦਰ ਬੁਨਿਆਦੀ ਢਾਂਚਾ ਨਾਂ ਦੀ ਕਈ ਚੀਜ਼ ਨਹੀਂ ਹੈ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਖੇਡ ਮੰਤਰੀ ਸੰਦੀਪ ਸਿੰਘ, ਸੰਜੇ ਟੰਡਨ, ਸੁਖਵਿੰਦਰ ਸਿੰਘ ਗੋਲਡੀ ਨੇ ਵੀ ਚੋਣ ਜਲਸੇ ਨੂੰ ਸੰਬੋਧਨ ਕੀਤਾ। -ਪੱਤਰ ਪ੍ਰੇਰਕ