ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ਵਿੱਚ ਸਥਿਤ ਕੈਂਸਰ ਹਸਪਤਾਲ ਦੇ ਉਦਘਾਟਨ ਲਈ ਚੰਡੀਗੜ੍ਹ ਫੇਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀਆਂ ਨੇ ਇਹ ਪ੍ਰਦਰਸ਼ਨ ਸੈਕਟਰ-35 ਵਿੱਚ ਸਥਿਤ ਚੰਡੀਗੜ੍ਹ ਕਾਂਗਰਸ ਭਵਨ ਦੀ ਛੱਤ ’ਤੇ ਖੜ੍ਹੇ ਹੋ ਕੇ ਕੀਤਾ ਹੈ। ਜਿੱਥੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਸਣੇ ਹੋਰਨਾਂ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 8 ਸਾਲਾਂ ਦੌਰਾਨ ਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦੇ ਪੁਰੇ ਕਰਨ ਦੀ ਮੰਗ ਕੀਤੀ। ਸ੍ਰੀ ਲੱਕੀ ਨੇ ਪ੍ਰਧਾਨ ਮੰਤਰੀ ਤੋਂ ਚੋਣ ਵਾਅਦਿਆਂ ਸਬੰਧੀ 11 ਸਵਾਲ ਕੀਤੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਲ 2014 ਵਿੱਚ ਹਰ ਸਾਲ ਦੇਸ਼ ਦੇ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਉਹ ਕਦੋਂ ਪੂਰਾ ਹੋਵੇਗਾ। ਦੇਸ਼ ਵਿੱਚ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ, ਇਸ ਨੂੰ ਕਦੋਂ ਘਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਲ 2022 ਤੱਕ ਗਰੀਬ ਲੋਕਾਂ ਨੂੰ ਪੱਕੇ ਘਰ ਦੇਣ ਦਾ ਵਾਅਦਾ ਕੀਤਾ ਸੀ ਪਰ ਚੰਡੀਗੜ੍ਹ ਸਣੇ ਹੋਰਨਾਂ ਸ਼ਹਿਰਾਂ ਵਿੱਚ ਗਰੀਬਾਂ ਨੂੰ ਬੇਘਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਤਿਆਰ ਕਰਨ ਦੀ ਮੰਗ ਵੀ ਕੀਤੀ ਗਈ। ਸ੍ਰੀ ਲੱਕੀ ਨੇ ਕਿਹਾ ਕਿ ਗੁਆਂਢੀ ਦੇਸ਼ ਚੀਨ ਲਗਾਤਾਰ ਭਾਰਤ ਦੀ ਜ਼ਮੀਨ ’ਤੇ ਕਬਜ਼ਾ ਕਰਦਾ ਜਾ ਰਿਹਾ ਹੈ, ਉਸ ਨੂੰ ਕੇਂਦਰ ਸਰਕਾਰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ ਹੈ। ਗੰਗਾ ਦੀ ਸਫਾਈ ਦੇ ਨਾਂ ’ਤੇ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਭਾਜਪਾ ਗੰਗਾ ਨੂੰ ਵੀ ਸਾਫ ਨਹੀਂ ਕਰ ਸਕੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚ ਜਮਾ ਹੋਏ ਰੁਪਏ ਦਾ ਹਿਸਾਬ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਕਾਂਗਰਸ ਦੇ ਸਮੇਂ ਵਿੱਚ ਬਜ਼ੁਰਗਾਂ ਲਈ ਰੇਲ ਟਿਕਟ ਵਿੱਚ 50 ਫ਼ੀਸਦ ਛੁੱਟ ਵਰਗੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ ਹੈ।
ਪ੍ਰਵਾਨਗੀ ਨਾ ਮਿਲਣ ਕਾਰਨ ਛੱਤ ’ਤੇ ਪ੍ਰਦਰਸ਼ਨ ਕਰਨਾ ਪਿਆ: ਲੁਬਾਣਾ
ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਦਰ ਲਗਾਤਾਰ ਵਧਜੀ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਮੁੱਦਾ ਹੱਲ ਕਰਨ ਦੀ ਥਾਂ ਦੇਸ਼ ਵਿੱਚ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹਿੱਤ ਵਿੱਚ ਕੰਮ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕ ਮੁੱਦਿਆ ਨੂੰ ਚੁੱਕਦੀ ਰਹੇਗੀ। ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਨੇ ਦੱੱਸਿਆ ਕਿ ਪ੍ਰਧਾਨ ਮੰਤਰੀ ਦੀ ਫੈਰੀ ਦੇ ਚੱਲਦਿਆਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪ੍ਰਵਾਨਗੀ ਨਾ ਮਿਲਣ ਕਰਕੇ ਕਾਂਗਰਸੀਆਂ ਨੇ ਸੈਕਟਰ-35 ਵਿੱਚ ਸਥਿਤ ਕਾਂਗਰਸ ਭਵਨ ਦੀ ਛੱਤ ’ਤੇ ਰੋਸ ਪ੍ਰਦਰਸ਼ਨ ਕੀਤਾ ਹੈ।