Contract workers: ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੀ ਐੱਸ ਯੂ ਭੰਗਲ ਵੱਲੋਂ ਲੰਬਿਤ ਮੰਗਾਂ ਦੇ ਹੱਕ ਵਿੱਚ ਸਾਂਝੇ ਤੌਰ ’ਤੇ ਰੋਸ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਅਤੇ ਤਰਸੇਮ ਲਾਲ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ...
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੀ ਐੱਸ ਯੂ ਭੰਗਲ ਵੱਲੋਂ ਲੰਬਿਤ ਮੰਗਾਂ ਦੇ ਹੱਕ ਵਿੱਚ ਸਾਂਝੇ ਤੌਰ ’ਤੇ ਰੋਸ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਅਤੇ ਤਰਸੇਮ ਲਾਲ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸੰਘਰਸ਼ ਦੇ ਦਬਾਅ ਹੇਠ ਪਾਵਰਕੌਮ ਪ੍ਰਬੰਧਨ ਅਤੇ ਸਰਕਾਰ ਨੇ ਕਰਮਚਾਰੀਆਂ ਨੂੰ ਮਹਿਕਮੇ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਮੈਡੀਕਲ ਤੌਰ ’ਤੇ ਅਣਫਿਟ ਹੋਏ ਕਰਮਚਾਰੀਆਂ ਨੂੰ ਵੀ ਮਹਿਕਮੇ ਵਿੱਚ ਸ਼ਾਮਲ ਕੀਤਾ ਜਾਵੇ। ਜਿਨ੍ਹਾਂ ਵਰਗਾਂ ਦੇ ਕਰਮਚਾਰੀ ਅਜੇ ਵੀ ਇਸ ਪ੍ਰਕਿਰਿਆ ਤੋਂ ਬਾਹਰ ਹਨ, ਉਨ੍ਹਾਂ ਨੂੰ ਵੀ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਏਕਤਾ ਮੰਚ ਅਤੇ ਜੁਆਇੰਟ ਫੋਰਮ ਵੱਲੋਂ ਪ੍ਰਬੰਧਨ ਨਾਲ ਹੋਏ ਸਮਝੌਤੇ ਵਿੱਚ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਕੋਈ ਤਵੱਜੋ ਨਹੀਂ ਦਿੱਤੀ ਗਈ। ਉਨ੍ਹਾਂ ਸਰਕਾਰ ਤੋਂ ਬਿਜਲੀ ਐਕਟ-2003 ਅਤੇ ਬਿਜਲੀ (ਸੋਧ) ਬਿੱਲ-2025 ਰੱਦ ਕਰਨ, ਪੰਜਾਬ ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੀ ਮੰਗ ਕੀਤੀ।
ਰੈਲੀ ਵਿੱਚ ਗੁਰਦੀਪ ਸਿੰਘ, ਚੇਤਨ ਕੁਮਾਰ, ਮੱਖਣ ਸਿੰਘ, ਦਵਿੰਦਰ ਸਿੰਘ, ਬਲਵੰਤ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਪ੍ਰਦੀਪ ਸਿੰਘ ਅਤੇ ਨਿਤਿਨ ਕੁਮਾਰ ਆਦਿ ਹਾਜ਼ਰ ਸਨ।
ਐੱਸ ਏ ਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਟੈਕਨੀਕਲ ਸਰਵਿਸਜ਼ ਯੂਨੀਅਨ, ਪੈਨਸ਼ਨ ਐਸੋਸੀਏਸ਼ਨ, ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕੌਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਵੱਲੋਂ ਮੁਹਾਲੀ ਸਰਕਲ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਗੁਰਬਖਸ਼ ਸਿੰਘ, ਲੱਖਾ ਸਿੰਘ, ਜਤਿੰਦਰ ਸਿੰਘ, ਵਿਜੇ ਕੁਮਾਰ, ਗੁਰਮੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਜਸਪਾਲ ਸਿੰਘ, ਰਵਿੰਦਰ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ, ਨਜ਼ੀਰ, ਸਤਪਾਲ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ ਨੇ ਕਿਹਾ ਕਿ ਆਊਟਸੋਰਸਿੰਗ ਕੱਚੇ ਕਾਮਿਆਂ ਦੀ ਇਹ ਮੰਗ ਪੂਰੀ ਨਾ ਕੀਤੀ ਗਈ ਤਾਂ ਲਗਾਤਾਰ ਇਹ ਹੜਤਾਲ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਉਨ੍ਹਾਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੱਚੇ ਕਾਮੇ ਪੱਕੇ ਨਹੀਂ ਕੀਤੇ ਗਏ।

