ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 1 ਅਪਰੈਲ
ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਤ ਕਿਤਾਬ ਪੜ੍ਹਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 54ਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਅੱਜ ਸਵੇਰੇ ਸਕੂਲ ਬੋਰਡ ਅਤੇ ਸਿੱਖਿਆ ਭਵਨ ਦੇ ਸਾਰੇ ਗੇਟ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਜਿਸ ਕਾਰਨ ਬੋਰਡ ਅਤੇ ਸਿੱਖਿਆ ਭਵਨ ਦੇ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਹੀ ਨਹੀਂ ਆਪਣੇ ਸਰਟੀਫਿਕੇਟ ਲੈਣ ਅਤੇ ਹੋਰ ਕੰਮਾਂ ਕਾਰਾਂ ਲਈ ਬੋਰਡ ਦਫ਼ਤਰ ਪਹੁੰਚੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਬਾਅਦ ਵਿੱਚ ਮੁਲਾਜ਼ਮਾਂ ਦੇ ਨਿੱਜੀ ਦਖ਼ਲ ਨਾਲ ਪ੍ਰਦਰਸ਼ਨਕਾਰੀਆਂ ਨੇ ਗੇਟ ਖੋਲ੍ਹ ਦਿੱਤੇ।
ਧਰਨਾਕਾਰੀਆਂ ਨੇ ਕਿਹਾ ਕਿ ਕਈ ਲੇਖਕਾਂ ਅਤੇ ਪ੍ਰਾਈਵੇਟ ਪਬਲਿਸ਼ਰਾਂ ਨੇ ਸਾਜ਼ਿਸ਼ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਲਈ ਪਾਬੰਦੀਸ਼ੁਦਾ ਕਿਤਾਬਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਪੇਸ਼ ਕੀਤਾ ਹੈ ਜੋ ਆਮ ਦੁਕਾਨਾਂ ’ਤੇ ਵਿਕ ਰਹੀਆਂ ਹਨ। ਇਸ ਸਬੰਧੀ ਕਾਰਵਾਈ ਦੀ ਮੰਗ ਨੂੰ ਲੈ ਕੇ ਉਹ ਪਿਛਲੇ ਲਗਪਗ ਦੋ ਮਹੀਨੇ ਤੋਂ ਧਰਨੇ ’ਤੇ ਬੈਠੇ ਹਨ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਸੋਧ ਕਰਨ ਅਤੇ ਸਿੱਖ ਜਗਤ ਤੋਂ ਜਨਤਕ ਮੁਆਫ਼ੀ ਨਹੀਂ ਮੰਗੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।