ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਫਰਵਰੀ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਿਤ ਇਤਿਹਾਸ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਠੱਲ੍ਹਣ ਦਾ ਨਾਂ ਨਹੀਂ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਸਣੇ ਸਿੱਖ ਜਥੇਬੰਦੀਆਂ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਵਿੱਚ ਰੋਸ ਮਾਰਚ ਕੀਤਾ। ਉਧਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ ਨੌਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਜਥੇਦਾਰ ਸਿਰਸਾ ਨੇ ਦੱਸਿਆ ਕਿ ਕਿਤਾਬ ਵਿੱਚ ਗੁਰੂ ਨਾਨਕ ਦੇਵ ਬਾਰੇ, ਗੁਰੂ ਤੇਗ਼ ਬਹਾਦਰ ਬਾਰੇ ਤੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਵੀ ਘਟੀਆ ਦਰਜੇ ਦੀ ਸ਼ਬਦਾਵਲੀ ਵਰਤੀ ਗਈ ਹੈ। ਸ੍ਰੀ ਸਿਰਸਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਸਿੱਖਿਆ ਬੋਰਡ, ਪੰਜਾਬ ਸਰਕਾਰ ਅਤੇ ਪੁਲੀਸ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਹੁਣ ਤੱਕ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਧੜੱਲੇ ਨਾਲ ਮਾਰਕੀਟ ਵਿੱਚ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਲੇਖਕ ਅਤੇ ਪਬਲਿਸ਼ਰ ਵਿਰੁੱਧ ਅਪਰਾਧਿਕ ਪਰਚਾ ਦਰਜ ਕਰਨ ਦੀ ਬਜਾਏ ਖਾਨਾਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਤਹਾਸ ਦੀ ਇਸ ਵਿਵਾਦਿਤ ਕਿਤਾਬ ’ਚੋਂ ਇਤਰਾਜ਼ਯੋਗ ਤੱਥ ਹਟਾਏ ਜਾਣ ਅਤੇ ਜ਼ਿੰਮੇਵਾਰਾਂ ਨੂੰ ਸਜ਼ਾ ਦਿੱਤੀ ਜਾਵੇ।