ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਾਰਚ
ਕਰੋਨਾਵਾਇਰਸ ਦੇ ਪਸਾਰ ਨੂੰ ਵੇਖਦਿਆ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਮੁੱਖ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਕਰੋਨਾ ਦੀ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੰਡੀਗੜ੍ਹ ਦੀ ਮੌਜੂਦਾ ਹਾਲਤ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਯੂਟੀ ਹੁਣ ਤੱਕ 57000 ਲੋਕਾਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਚੁੱਕੇ ਹਨ ਜਦਕਿ 12 ਲੱਖ ਦੀ ਆਬਾਦੀ ਵਿੱਚੋਂ 2.80 ਲੱਖ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਜਨਵਰੀ-ਫਰਵਰੀ ਦੇ ਮਹੀਨੇ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਬਹੁਤ ਘੱਟ ਸੀ ਪਰ ਮਾਰਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਕੇਸਾਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਵਿਆਹ ਸਮਾਗਮਾਂ ਤੇ ਸਮਾਜਿਕ ਸਮਾਗਮਾਂ ਵਿੱਚ ਹੋਣ ਵਾਲੇ ਇਕੱਠ ਤੋਂ ਪਾਬੰਦੀ ਹਟਾਉਣਾ ਇਸ ਦਾ ਮੁੱਖ ਕਾਰਨ ਹੈ। ਪ੍ਰਸ਼ਾਸਕ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੀ ਵੈਕਸੀਨੇਸ਼ਨ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਜਿਸ ਲਈ ਸ਼ਹਿਰ ਵਿੱਚ 49 ਨਿੱਜੀ ਅਤੇ ਸਰਕਾਰੀ ਵੈਕਸੀਨੇਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਮਗਰੋਂ ਯੂਟੀ ਦੇ ਪ੍ਰਸ਼ਾਸਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 3-ਟੀ (ਟੈਸਟਿੰਗ, ਟਰੇਸਿੰਗ ਅਤੇ ਟਰੀਟਮੈਂਟ) ਦੇ ਨਿਯਮਾਂ ਦਾ ਪਾਲਣ ਕਰਨ ਦੇ ਆਦੇਸ਼ ਦਿੱਤੇ।
ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ
ਚੰਡੀਗੜ੍ਹ ਦੇ ਵਸਨੀਕ ਕੋਵਿਡ ਟੀਕਾਕਰਨ ਲਈ ਜਾਗਰੂਕ ਹੋ ਗਏ ਹਨ। ਅੱਜ ਸੈਕਟਰ 16 ਸਥਿਤ ਜਨਰਲ ਹਸਪਤਾਲ ਵਿੱਚ ਕੋਵਿਡ ਵੈਕਸੀਨ ਲਗਵਾਉਣ ਵਾਲੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਇਸੇ ਦੌਰਾਨ ਸ਼ਹਿਰ ਵਿੱਚ ਅੱਜ 201 ਹੋਰ ਵਿਅਕਤੀਆਂ ਨੂੰ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਅਤੇ 70 ਮਰੀਜ਼ਾਂ ਨੂੰ ਘਰੇਲੂ ਆਈਸੋੋਲੇਸ਼ਨ ਖਤਮ ਹੋਇਆ ਹੈ। ਇਸ ਸਮੇਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਵਧ ਕੇ 1330 ’ਤੇ ਪਹੁੰਚ ਗਿਆ ਹੈ।
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 222 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਅੱਜ 89 ਮਰੀਜ਼ ਠੀਕ ਹੋਏ ਹਨ ਤੇ ਜ਼ਿਲ੍ਹੇ ਵਿੱਚ ਇਕ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋਈ ਹੈ। ਵੇਰਵੇ ਅਨੁਸਾਰ ਮੁਹਾਲੀ ਸ਼ਹਿਰੀ ਖੇਤਰ ਵਿੱਚ 144 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਲਾਲੜੂ ਤੇ ਕੁਰਾਲੀ ਵਿੱਚ 1-1, ਘੜੂੰਆਂ ਵਿੱਚ 4, ਬਨੂੜ ਵਿੱਚ 8, ਖਰੜ ਤੇ ਢਕੌਲੀ ਵਿੱਚ 18-18 ਅਤੇ ਡੇਰਾਬੱਸੀ ਵਿੱਚ 28 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ।