ਕੁਲਦੀਪ ਸਿੰਘ
ਚੰਡੀਗੜ੍ਹ, 12 ਨਵੰਬਰ
ਸ਼ਹਿਰ ਵਿੱਚ ਅੱਜ ਕਰੋਨਾਵਾਇਰਸ ਦੇ 109 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਬਿਰਧ ਔਰਤ ਦੀ ਮੌਤ ਹੋਈ ਹੈ। ਇਸੇ ਦੌਰਾਨ 64 ਮਰੀਜ਼ਾਂ ਨੂੰ ਡਿਸਚਾਰਜ ਵੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 15543 ਹੋ ਗਿਆ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 1002 ਹੈ। ਵੇਰਵਿਆਂ ਮੁਤਾਬਕ ਮਨੀਮਾਜਰਾ ਵਾਸੀ 74 ਸਾਲਾਂ ਦੀ ਬਿਰਧ ਔਰਤ ਪੀ.ਜੀ.ਆਈ. ਵਿੱਚ ਜ਼ੇਰੇ ਇਲਾਜ ਸੀ ਤੇ ਊਸ ਦੀ ਮੌਤ ਹੋ ਗਈ ਹੈ। ਊਹ ਕਰੋਨਾ ਦੇ ਨਾਲ ਪੀਲੀਆ ਤੋਂ ਵੀ ਪੀੜਤ ਸੀ। ਯੂ.ਟੀ. ਦੇ ਸਿਹਤ ਵਿਭਾਗ ਮੁਤਾਬਕ ਨਵੇਂ ਮਰੀਜ਼ ਸੈਕਟਰ 2, 8, 9, 11, 12, 14, 15, 16, 18, 19, 20, 21, 22, 23, 24, 26, 27, 28, 30, 32, 34, 35, 37, 38, 39, 40, 41, 42, 44, 45, 46, 47, 48, 49, 50, 51, 52, 55, 61, 38-ਵੈਸਟ, ਬੁੜੈਲ, ਧਨਾਸ, ਹੱਲੋਮਾਜਰਾ, ਖੁੱਡਾ ਲਾਹੌਰਾ, ਮਨੀਮਾਜਰਾ, ਮੌਲੀ ਜੱਗਰਾਂ ਤੇ ਰਾਮ ਦਰਬਾਰ ਦੇ ਵਸਨੀਕ ਹਨ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ 94 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 72 ਕੇਸ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ। ਊਨ੍ਹਾਂ ਕਿਹਾ ਕਿ ਕੇਸ ਵਧਣ ਨਾਲ ਸਿਹਤ ਵਿਭਾਗ ਦੀ ਚਿੰਤਾ ਵੀ ਵਧ ਗਈ ਹੈ। ਵਿਭਾਗ ਵੱਲੋਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 15 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 8, ਨੰਗਲ ਇਲਾਕੇ ਵਿੱਚ 4, ਮੋਰਿਡਾ ਇਲਾਕੇ ਵਿੱਚ ਇਕ, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ ਇਕ ਅਤੇ ਭਰਤਗੜ੍ਹ ਇਲਾਕੇ ਵਿੱਚ ਇਕ ਵਿਅਕਤੀ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 155 ਹੈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਮਾਮਲੇ ਦੁੱਗਣੀ ਰਫ਼ਤਾਰ ਨਾਲ ਵੱਧ ਰਹੇ ਹਨ। ਅੱਜ 45 ਨਵੇਂ ਕੇਸ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 9332 ਹੋ ਗਈ ਹੈ। ਇਸ ਦੇ ਨਾਲ ਹੀ 31 ਮਰੀਜ਼ ਡਿਸਚਾਰਜ ਵੀ ਹੋਏ ਹਨ ਅਤੇ ਹੁਣ ਜ਼ਿਲ੍ਹੇ ਵਿੱਚ ਐਕਟਿਵ ਮਰੀਜ਼ 163 ਹਨ। ਅੱਜ 18 ਮਰੀਜ਼ ਅੰਬਾਲਾ ਸ਼ਹਿਰ ਤੋਂ ਅਤੇ 12 ਅੰਬਾਲਾ ਛਾਉਣੀ ਤੋਂ ਆਏ ਹਨ। ਸਿਵਲ ਸਰਜਨ ਡਾ. ਕੁਲਦੀਪ ਸਿੰਘ ਨੇ ਕਿਹਾ ਹੈ ਕਿ ਜੋ ਵਪਾਰੀ ਕੋਵਿਡ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਦੇ ਵਪਾਰਕ ਅਦਾਰੇ ਬੰਦ ਕਰ ਦਿੱਤੇ ਜਾਣਗੇ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 46 ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਮਾਰੀ ਕਾਰਨ ਹੁਣ ਤੱਕ 105 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਵਿਚ 324 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਮੁਹਾਲੀ ਜ਼ਿਲ੍ਹੇ ਵਿੱਚ ਦੋ ਮੌਤਾਂ; 132 ਨਵੇਂ ਕੇਸ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 132 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 13 ਹਜ਼ਾਰ 311 ’ਤੇ ਪਹੁੰਚ ਗਈ ਹੈ। ਅੱਜ 53 ਮਰੀਜ਼ਾਂ ਨੂੰ ਠੀਕ ਹੋਏ ਹਨ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਦੋ ਹੋਰ ਕਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ ਅਤੇ ਹੁਣ ਤੱਕ 253 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡੀਸੀ ਅਨੁਸਾਰ ਮੁਹਾਲੀ ਸ਼ਹਿਰੀ ਖੇਤਰ ਵਿੱਚ 108 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬੂਥਗੜ੍ਹ ਵਿੱਚ 1, ਕੁਰਾਲੀ ਵਿੱਚ 2, ਖਰੜ ਵਿੱਚ 3, ਘੜੂੰਆਂ ਵਿੱਚ 9, ਲਾਲੜੂ ਵਿੱਚ 4 ਅਤੇ ਡੇਰਾਬੱਸੀ ਵਿੱਚ ਪੰਜ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 899 ਨਵੇਂ ਕੇਸ ਐਕਟਿਵ ਹਨ।